ਮਾਨਸਾ : ਗੁਲਾਬੀ ਸੁੰਡੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋਣ ਤੋਂ ਦੁਖੀ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਅਤੇ ਦਾਨੇਵਾਲਾ ਵਿਚ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ। ਪਿੰਡ ਬਣਾਂਵਾਲੀ ਦੇ ਕਿਸਾਨ ਸੁਖਮੰਦਰ ਸਿੰਘ ਵੱਲੋਂ ਇਸ ਸਾਲ 8 ਏਕੜ ਜ਼ਮੀਨ ਠੇਕੇ ‘ਤੇ ਲੈ ਕੇ ਉਸ ਵਿਚ ਨਰਮੇ ਦੀ ਬਿਜਾਈ ਕੀਤੀ ਗਈ ਸੀ ਪਰ ਫਸਲ ਬਰਬਾਦ ਹੋਣ ਕਾਰਨ ਉਹ ਇਹ ਸਦਮਾ ਬਰਦਾਸ਼ਤ ਨਹੀਂ ਕਰ ਸਕਿਆ ਤੇ ਉਸ ਵੱਲੋਂ ਖੁਦਕੁਸ਼ੀ ਕਰ ਲਈ ਗਈ। ਸੁਖਮੰਦਰ ‘ਤੇ 8 ਲੱਖ ਦਾ ਕਰਜ਼ਾ ਵੀ ਸੀ।
ਖੁਦਕੁਸ਼ੀ ਕਰਨ ਵਾਲਾ ਦੂਜਾ ਨੌਜਵਾਨ ਪਿੰਡ ਦਾਣੇਵਾਲਾ ਨਾਲ ਸਬੰਧਤ ਸੀ। ਨੌਜਵਾਨ ਕਿਸਾਨ ਦੀ ਪਛਾਣ ਰਸ਼ਪਿੰਦਰ ਸਿੰਘ (26) ਵਜੋਂ ਹੋਈ ਹੈ। ਉਸ ਦੀ ਕੁੱਲ 10 ਏਕੜ ਦੀ ਫਸਲ ਬਰਬਾਦ ਹੋ ਗਈ ਜਿਸ ਕਾਰਨ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਇੱਕ ਭਰਾ ਹੈ ਤੇ ਦੋਵੇਂ ਹੀ ਕੁਆਰੇ ਸਨ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਹੋ ਰਹੀ। ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਏ ਵੱਡੇ ਨੁਕਸਾਨ ਦੀ ਕੁਝ ਰਾਹਤ ਮਿਲ ਸਕੇ , ਕਿਉਂਕਿ ਕੋਰੋਨਾ ਮਹਾਂਮਾਰੀ ਦੇ ਦੌਰ ਤੇ ਕਾਲੇ ਕਾਨੂੰਨਾਂ ਕਰਕੇ ਕਿਸਾਨ ਪਹਿਲਾਂ ਹੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ ਤੇ ਇਹ ਦੋਹਰੀ ਮਾਰ ਬਰਦਾਸ਼ਤ ਕਰਨ ਯੋਗ ਨਹੀਂ |