ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਭਰੋਸੇ ਦਾ ਵੋਟ ਪੇਸ਼ ਕਰਨ ਲਈ ਖੜ੍ਹੇ ਹੁੰਦਿਆਂ ਸਾਰ ਹੀ ਸਦਨ ਵਿੱਚ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਪਹਿਲਾਂ ਸਿਫ਼ਰ ਕਾਲ ਦੀ ਮੰਗ ਕੀਤੀ। ਜਦੋਂ ਸਪੀਕਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਹੰਗਾਮਾ ਵਧਣ ਕਾਰਨ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ ਤਾਂ ਫਿਰ ਹੰਗਾਮਾ ਹੋ ਗਿਆ ਅਤੇ ਵਿਰੋਧੀ ਧਿਰ ਦੇ ਵਿਧਾਇਕ ਸਦਨ ਦੀ ਵੈੱਲ ਵਿੱਚ ਆ ਗਏ। ਵਿਰੋਧੀ ਧਿਰ ਦੇ ਵਿਧਾਇਕ ਸਦਨ ’ਚ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ। ਇਸ ਤੋਂ ਬਾਅਦ ਸਪੀਕਰ ਨੇ ਹੰਗਾਮਾ ਕਰਨ ਵਾਲੇ ਸਾਰੇ ਕਾਂਗਰਸੀ ਵਿਧਾਇਕਾਂ ਦਾ ਨਾਂ ਲਿਆ ਅਤੇ ਉਨ੍ਹਾਂ ਨੂੰ ਸਦਨ ਤੋਂ ਬਾਹਰ ਕਰਨ ਦੇ ਹੁਕਮ ਦਿੱਤੇ। ਕਾਂਗਰਸੀ ਵਿਧਾਇਕਾਂ ਨੂੰ ਅੱਜ ਦੇ ਸੈਸ਼ਨ ਲਈ ਸਸਪੈਂਡ ਕਰ ਦਿੱਤਾ ਗਿਆ।
ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਭਰੋਸੇ ਦਾ ਮਤਾ ਪੇਸ਼ ਕਰਨ ਲਈ ਉੱਠੇ ਤਾਂ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਜ਼ੀਰੋ ਆਵਰ ਦੀ ਮੰਗ ਕੀਤੀ। ਜਦੋਂ ਸਪੀਕਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਤਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸਪੀਕਰ ਨੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਚਿਤਾਵਨੀ ਦਿੱਤੀ ਪਰ ਹੰਗਾਮਾ ਜਾਰੀ ਰਿਹਾ।
ਇਹ ਵੀ ਪੜ੍ਹੋ : ਸਕੂਲਾਂ ਦੇ ਬਾਹਰ ਲਾਏ ਜਾਣਗੇ ਚੌਂਕੀਦਾਰ, ਸਾਫ-ਸਫਾਈ ਲਈ ਮਿਲੇਗੀ 50,000 ਦੀ ਗ੍ਰਾਂਟ-ਮੰਤਰੀ ਬੈਂਸ ਦਾ ਐਲਾਨ
ਇਸ ਤੋਂ ਬਾਅਦ ਵੀ ਵਿਰੋਧੀ ਧਿਰ ਦੇ ਮੈਂਬਰ ਸਿਫ਼ਰ ਕਾਲ ਦਾ ਸਮਾਂ ਦੇਣ ਦੀ ਮੰਗ ’ਤੇ ਅੜੇ ਰਹੇ। ਵਿਰੋਧੀ ਧਿਰ ਦੇ ਨੇਤਾਵਾਂ ਨੇ ਕਿਹਾ ਕਿ ਕਾਨੂੰਨ ਮੁਤਾਬਕ ਭਰੋਸੇ ਦਾ ਮਤਾ ਨਹੀਂ ਆ ਸਕਦਾ। ਹੰਗਾਮਾ ਸ਼ਾਂਤ ਨਾ ਹੋਣ ’ਤੇ ਸਪੀਕਰ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਾਰਵਾਈ ਕਰਨ ਲਈ ਮਜਬੂਰ ਨਾ ਕਰਨ ਲਈ ਕਿਹਾ। ਇਸ ਦੇ ਬਾਵਜੂਦ ਹੰਗਾਮਾ ਘੱਟ ਨਹੀਂ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: