Vigilance arrested Kanungo : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲਾ ਮੋਗਾ ਅਧੀਨ ਪੈਂਦੇ ਘੱਲ ਕਲਾ ਵਿਖੇ ਤਾਇਨਾਤ ਕਾਨੂੰਗੋ ਅਤੇ ਇਕ ਹੋਰ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਸਿੰਘ ਵਾਸੀ ਪਿੰਡ ਦੁੱਨੇਕੇ ਜ਼ਿਲ੍ਹਾ ਮੋਗਾ ਦੀ ਸ਼ਿਕਾਇਤ ‘ਤੇ ਕਾਨੂੰਗੋ ਚਮਕੌਰ ਸਿੰਘ ਅਤੇ ਉਸ ਨਾਲ ਬਤੌਰ ਡਰਾਈਵਰ ਵਜੋ ਕੰਮ ਕਰਦੇ ਗੁਰਚਰਨ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਅਤੇ ਉਸ ਦੇ ਡਰਾਈਵਰ ਨੇ ਉਸ ਕੋਲੋਂ ਰਿਹਾਇਸ਼ੀ ਪਲਾਟ ਦੀ ਨਿਸ਼ਾਨਦੇਹੀ ਕਰਨ ਬਦਲੇ 10,000 ਰੁਪਏ ਮੰਗੇ ਸਨ, ਜਿਸ ’ਤੇ ਉਨ੍ਹਾਂ ਵੱਲੋਂ ਇਹ ਸੌਦਾ 5,000 ਵਿਚ ਤੈਅ ਹੋਣਾ ਮੁੱਕਿਆ ਸੀ। ਸ਼ਿਕਾਇਤ ਕਰਤਾ ਨੇ ਅੱਗੇ ਕਿਹਾ ਕਿ ਉਸ ਵਲੋਂ 2500 ਰੁਪਏ ਪਹਿਲੀ ਕਿਸ਼ਤ ਦੇ ਤੌਰ ’ਤੇ ਕਾਨੂੰਗੋ ਨੂੰ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ।
ਸ਼ਿਕਾਇਤ ਕਰਤਾ ਦੀ ਜਾਣਕਾਰੀ ਦੀ ਪੜਚੋਲ ਕਰਨ ਤੋਂ ਬਾਅਦ ਵਿਜੀਲੈਂਸ ਨੇ ਕਾਨੂੰਨਗੋ ਤੇ ਉਸ ਦੇ ਡਰਾਈਵਰ ਦੂਜੀ ਕਿਸ਼ਤ ਦੇ 2500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ, ਇਸ ਮੌਕੇ ਵਿਜੀਲੈਂਸ ਦੇ ਨਾਲ ਦੋ ਹੋਰ ਗਵਾਹ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।