ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਮੁਹਿੰਮ ਦੌਰਾਨ ਏ. ਐੱਸ. ਆਈ. ਲਖਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ। ਇਸ ਤੋਂ ਇਲਾਵਾ ਥਾਣਾ ਸਿਟੀ ਖਰੜ, ਐੱਸਏਐੱਸ ਨਗਰ ਵਿਚ ਤਾਇਨਾਤ ਏਐੱਸਆਈ ਸੋਮਨਾਥ ਖਿਲਾਫ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਗੌਰਵ ਨਿਵਾਸੀ ਅਮਨ ਨਗਰ, ਕਪੂਰਥਲਾ ਦੀ ਸ਼ਿਕਾਇਤ ‘ਤੇ ਉਕਤ ਦੋਸ਼ੀ ਏ. ਐੱਸ. ਆਈ. ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਦੁਕਾਨ ‘ਤੇ ਉਸ ਦਾ ਆਪਣੇ ਸਾਥੀ ਨਾਲ ਮਾਮੂਲੀ ਝਗੜਾ ਹੋਇਆ ਸੀ ਤੇ ਸਬੰਧਤ ਏਐੱਸਆਈ ਨੇ ਪੁਲਿਸ ਨੇ ਦਰਜ ਸ਼ਿਕਾਇਤ ਦੇ ਮਾਮਲੇ ਵਿਚ ਮਦਦ ਕਰਨ ਦੇ ਬਦਲੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਸੀ।
ਸ਼ਿਕਾਇਤ ਦੇ ਤੱਥਾਂ ਦੀ ਜਾਂਚ ਦੇ ਬਾਅਦ ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐੱਸਆਈ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ। ਇਸ ਸਬੰਧੀ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਕ ਹੋਰ ਮਾਮਲੇ ਵਿਚ ਵਿਜੀਲੈਂਸ ਨੇ ਏਐੱਸਆਈ ਸੋਮਨਾਥ ਖਿਲਾਫ 60,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰੀਨ ਕੰਫਰਟ ਹੋਮਸ, ਖਰੜ, ਜ਼ਿਲ੍ਹਾ ਏਐੱਸਨਗਰ ਵਾਸੀ ਬਲਬੀਰ ਸਿੰਘ ਦੀ ਸ਼ਿਕਾਇਤ ‘ਤੇ ਵਿਜੀਲੈਂਸ ਨੇ ਏਐੱਸਆਈ ਸੋਮਨਾਥ ਖਿਲਾਫ ਮਾਮਲਾ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: