ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ), ਜਲੰਧਰ ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਮੁਲਜ਼ਮ ਏਜੰਟ ਲਵਲੀਨ ਸਿੰਘ ਲਵੀ, ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੀ ਪੱਧਰ ‘ਤੇ ਮਿਲੀਭੁਗਤ ਨਾਲ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ/ਪ੍ਰਾਪਤ ਕਰਨ ਦੇ ਪ੍ਰਾਈਵੇਟ ਏਜੰਟਾਂ ਨਾਲ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ।
ਇਹ ਵੀ ਪੜ੍ਹੋ : ਬਠਿੰਡਾ SSP ਨੇ ਹੁਕਮ ਕੀਤੇ ਜਾਰੀ, ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਫੋਨ ‘ਤੇ ਬੋਲਣਗੇ ‘ਜੈ-ਹਿੰਦ’
ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਮੁਕੱਦਮਾ ਨੰਬਰ 14 ਮਿਤੀ 23-08-2022 ਦਰਜ ਕੀਤਾ ਸੀ।
ਇਸ ਮਾਮਲੇ ਵਿੱਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ, ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: