Vigilance nabbed Patwari and District Collector : ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਹਿਰੀ ਪਟਵਾਰੀ ਤੇ ਜ਼ਿਲ੍ਹੇਦਾਰ ਨੂੰ 13,000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਪਟਵਾਰੀ ਸੁਖਮੰਦਰ ਸਿੰਘ ਸਿੇੰਚਾਈ ਵਿਭਾਗ ਹਰੀਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਅਤੇ ਨਹਿਰੀ ਜ਼ਿਲ੍ਹੇਦਾਰ ਪੁਰਸ਼ੋਤਮ ਦਾਸ ਕੋਟਕਪੂਰਾ ਵਿਖੇ ਤਾਇਨਾਤ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਨਹਿਰੀ ਪਟਵਾਰੀ ਅਤੇ ਨਹਿਰੀ ਜਿਲੇਦਾਰ ਖਿਲਾਫ ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਵਾਸੀ ਹਰੀਕੇ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀਆਂ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਦੋਹਾਂ ਦੋਸ਼ੀਆਂ ਵਲੋਂ ਉਸ ਦੇ ਖੇਤ ਲਈ ਨਹਿਰੀ ਪਾਣੀ ਦੀ ਵਾਰੀਬੰਦੀ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ ਪਰ ਸੌਦਾ 26000 ਰੁਪਏ ਵਿਚ ਤੈਅ ਹੋਇਆ ਹੈ।
ਐਸ.ਐਸ.ਪੀ ਵਿਜੀਲੈਂਸ ਬਿਓਰੋ ਬਠਿੰਡਾ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਵਿਜੀਲੈਂਸ ਦੀ ਟੀਮ ਨੇ ਉਕਤ ਦੋਸ਼ੀਆਂ ਨਹਿਰੀ ਪਟਵਾਰੀ ਅਤੇ ਜਿਲੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਦੇ 13,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।