ਪੰਜਾਬ ਵਿਚ ਰਾਸ਼ਟਰਪਤੀ ਚੋਣ ਲਈ ਮਤਦਾਨ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਦਾ ਇਸਤੇਮਾਲ ਕੀਤਾ। ਵਿਧਾਇਕ ਸਵੇਰੇ 10 ਵਜੇ ਤੋਂ ਮਤਦਾਨ ਕਰ ਰਹੇ ਹਨ। ਮਤਦਾਨ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਲਈ ਵਿਧਾਨ ਸਭਾ ਵਿਚ ਕਮੇਟੀ ਰੂਮ ਵਿਚ ਵੋਟਿੰਗ ਸੈਂਟਰ ਬਣਾਇਆ ਗਿਆ। ਪੰਜਾਬ ਵਿਧਾਨ ਸਭਾ ਵਿਚ ਸੂਬੇ ਦੇ ਵਿਧਾਇਕ ਮਤਦਾਨ ਕਰ ਰਹੇ ਹਨ।
ਵੋਟ ਪਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਰਾਸ਼ਟਰਪਤੀ ਚੋਣ ਲਈ ਮੈਂ ਦੂਜੀ ਵਾਰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ ਹੈ ਤੇ ਇਸ ਲਈ ਮੈਂ ਆਪਣੇ ਆਪ ਨੂੰ ਕਿਸਮਤ ਵਾਲਾ ਸਮਝਦਾ ਹਾਂ। ਪਿਛਲੀ ਵਾਰ ਜਦੋਂ ਰਾਸ਼ਟਰਪਤੀ ਦੀਆਂ ਚੋਣਾਂ ਹੋਈਆਂ ਸੀ ਤਾਂ ਮੈਂ ਐੱਮ. ਪੀ. ਸੀ ਤਾਂ ਮੈਂ ਲੋਕ ਸਭਾ ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ।
ਇਸ ਵਾਰ ਵਿਧਾਇਕ ਵਜੋਂ ਪੰਜਾਬ ਦੀ ਵਿਧਾਨ ਸਭਾ ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਮੈਨੂੰ ਪੂਰੀ ਉਮੀਦ ਹੈ ਕਿ 117 ਵਿਧਾਇਕਾਂ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਮਾਣਯੋਗ ਰਾਸ਼ਟਰਪਤੀ ਦੇ ਅਹੁਦੇ ‘ਤੇ ਜੋ ਵੀ ਬਿਰਾਜਮਾਨ ਹੋਵੇਗਾ, ਦੇਸ਼ ਦੀ ਤਰੱਕੀ, ਭਾਈਚਾਰਾ, ਏਕਤਾ ਤੇ ਅਖੰਡਤਾ ਨੂੰ ਬਣਾਏ ਰੱਖਣ ਲਈ ਕੰਮ ਕਰੇਗਾ।
ਸੂਬੇ ਦੀ ਆਮ ਆਦਮੀ ਪਾਰਟੀ ਦੇ ਕਈ ਮੰਤਰੀਆਂ ਸਣੇ ਹੋਰ ਨੇਤਾਵਾਂ ਨੇ ਵੀ ਆਪਣੇ ਵੋਟ ਪਾਏ ਹਨ। ਮਤਦਾਨ ਕਰਨ ਵਾਲਿਆਂ ਵਿਚ ਸੂਬੇ ਦੇ ਮੰਤਰੀ ਗੁਰਮੀਤ ਮੀਤ ਹੇਅਰ ਤੇ ਹਰਭਜਨ ਸਿੰਘ ਈਟੀਓ, ਕਾਂਗਰਸ ਵਿਧਾਇਕ ਦਲ ਦੇ ਨੇਤਾ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਵਿਧਾਇਕ ਤੇ ਭਾਜਪਾ ਵਿਧਾਇਕ ਤੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੁੱਖ ਤੌਰ ‘ਤੇ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨ੍ਹਾ ਨੂੰ ਆਪਣਾ ਸਮਰਥਨ ਦਿੱਤਾ ਹੈ ਦੂਜੇ ਪਾਸੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਐੱਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: