ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਭ੍ਰਿਸ਼ਟਾਚਾਰ ਖਿਲਾਫ ਡਟ ਕੇ ਖੜ੍ਹੀ ਹੋ ਚੁੱਕੀ ਹੈ। ਕਈ ਮੰਤਰੀ, ਆਗੂ, ਅਫਸਰ ਤੇ ਪੁਲਿਸ ਵਾਲੇ ਜੇਲ੍ਹ ਅੰਦਰ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਗਈ। ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ, ਕਿਵੇਂ ਪੰਜਾਬ ਕਰਜ਼ਾਈ ਹੋਇਆ, ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ। ਵਿਧਾਨ ਸਭਾ ‘ਚ ਵੀ ਇਸ ਨੂੰ ਪੇਸ਼ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ।
ਮਾਨ ਸਰਕਾਰ 4 ਪੈਰਾਮੀਟਰਾਂ ‘ਤੇ ਇਹ ਵ੍ਹਾਈਟ ਪੇਪਰ ਲਿਆਵੇਗੀ, ਜਿਸ ਵਿੱਚ ਵਿੱਤੀ ਸਰੋਤਾਂ ਦੇ ਨਾਲ-ਨਾਲ ਪੰਜਾਬ ਦੇ ਖਜ਼ਾਨੇ ਦੀ ਮੌਜੂਦਾ ਸਥਿਤੀ ਅਤੇ ਕਰਜ਼ਿਆਂ ਦੀ ਸਥਿਤੀ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਦੀ ਵਿੱਤੀ ਹਾਲਤ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਅੱਜ ਸ਼ੁੱਕਰਵਾਰ ਨੂੰ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਦੌਰਾਨ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਕੈਬਨਿਟ ਨੇ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੰਤਰੀ ਸਮੂਹ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।
ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਦੀਆਂ ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚ ਸਹਾਇਕ ਸਟਾਫ ਤੋਂ ਇਲਾਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਸਾਮੀਆਂ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਦੀਆਂ 80 ਅਸਾਮੀਆਂ ਸ਼ਾਮਲ ਹਨ। ਇਸ ਕਦਮ ਨਾਲ ਸੂਬੇ ਵਿੱਚ ਨਵੀਆਂ ਅਦਾਲਤਾਂ ਦੇ ਗਠਨ ਵਿਚ ਮਹੱਤਵਪੂਰਨ ਸਹਾਇਤਾ ਮਿਲੇਗੀ, ਜਿਸ ਨਾਲ ਅਧੀਨ ਅਦਾਲਤਾਂ ਵਿਚ ਬਕਾਏ ਅਦਾਲਤੀ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ। ਇਨ੍ਹਾਂ ਨਵੀਆਂ ਅਸਾਮੀਆਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਸੂਬੇ ਦੀ ਨਿਆਂ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।
ਪੰਜਾਬ ਖੇਤੀਬਾੜੀ ਉਤਪਾਦ ਮੰਡੀ ਐਕਟ ਵਿਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਉਤਪਾਦ ਐਕਟ ਦੀ ਧਾਰਾ 12 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਸਮੇਂ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਨਵੇਂ ਪ੍ਰਸ਼ਾਸਕ ਨਿਯੁਕਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲੇ ਮੁਤਾਬਕ ਸੂਬਾ ਸਰਕਾਰ ਭੰਗ ਕੀਤੀਆਂ ਮਾਰਕੀਟ ਕਮੇਟੀਆਂ ਦੀ ਥਾਂ ਉਤੇ ਪ੍ਰਸ਼ਾਸਕ ਨਿਯੁਕਤ ਕਰੇਗੀ, ਜੋ ਇਕ ਸਾਲ ਦੇ ਸਮੇਂ ਲਈ ਜਾਂ ਨਵੀਆਂ ਮਾਰਕੀਟ ਕਮੇਟੀਆਂ ਦੀ ਨਾਮਜ਼ਦਗੀਆਂ ਤੱਕ, ਜੋ ਵੀ ਪਹਿਲਾਂ ਹੋਵੇ, ਡਿਊਟੀ ਨਿਭਾਉਂਦੇ ਹੋਏ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: