Will Sidhu join AAP : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੁੜ ਸੂਬੇ ਵਿਚ ਸਿਆਸਤ ਦੀ ਚਰਚਾ ਦਾ ਵਿਸ਼ਾ ਬਣ ਗਏ ਹਨ। ਅਜਿਹੀ ਚਰਚਾ ਚੱਲ ਰਹੀ ਹੈ ਕਿ ਕਾਂਗਰਸੀ ਨੇਤਾ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਇਸ ਗੱਲ ਦੇ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਦੀ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਚੱਲ ਰਹੀ ਹੈ। ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਤੋਂ ਪਿਛਲੇ ਸਾਲ ਅਸਤੀਫਾ ਦਿੱਤਾ ਸੀ ਅਤੇ ਇਸ ਤੋਂ ਬਾਅਦ ਤੋਂ ਉਹ ਸਿਆਸਤ ਦੀ ਬਜਾਏ ਸੋਸ਼ਲ ਮੀਡੀਆ ’ਤੇ ਹੀ ਸਰਗਰਮ ਰਹੇ ਹਨ, ਜਿਥੋਂ ਉਹ ਆਪਣੀ ਗੱਲ ਲੋਕਾਂ ਸਾਹਮਣੇ ਰਖਦੇ ਹਨ। ਹਾਲਾਂਕਿ ਇਸ ਬਾਰੇ ਅਜੇ ਉਨ੍ਹਾਂ ਨਾਲ ਸੰਪਰਕ ਨਾ ਹੋ ਸਕਣ ਕਰਕੇ ਇਹ ਸਾਫ ਨਹੀਂ ਹੋ ਸਕਿਆ ਹੈ ਪਰ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਚਰਚਾ ਨਾਲ ਕਾਂਗਰਸ ਵਿਚ ਵੀ ਬੇਚੈਨੀ ਪਾਈ ਜਾ ਰਹੀ ਹੈ।
ਇਥੇ ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਇਸ ਲਈ ਜ਼ੋਰ ਫੜ ਰਹੀਆਂ ਹਨ ਕਿਉਂਕਿ ਦੱਸਿਆ ਜਾਂਦਾ ਹੈ ਕਿ ਇਸ ਵਾਰ ਉਨ੍ਹਾਂ ਦੇ ਅਤੇ ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ ਮਸ਼ਹੂਰ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਗੱਲ ਕਰਵਾ ਰਹੇ ਹਨ। ਪ੍ਰਸ਼ਾਂਤ ਕਿਸ਼ੋਰ ਅਤੇ ਸਿੱਧੂ ਦੀ ਆਪਸ ਵਿਚ ਗੱਲ ਹੋਣ ਨੂੰ ਲੈ ਕੇ ਚਰਚਾ ਜ਼ੋਰਾਂ ’ਤੇ ਹੈ। ਦੱਸਿਆ ਜਾਂਦਾ ਹੈ ਕਿ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੀ ਭੂਮਿਕਾ ਬਾਰੇ ਸਭ ਕੁਝ ਸਪੱਸ਼ਟ ਕਰਨਾ ਚਾਹੁੰਦੇ ਹਨ। ਇਸ ਬਾਰੇ ਉਨ੍ਹਾਂ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਵੀ ਸਭ ਕੁਝ ਸਪੱਸ਼ਟ ਕਰ ਦਿੱਤਾ ਹੈ।
ਅਸਲ ਵਿਚ ਸਿੱਧੂ ਦਾ ਕਹਿਣਾ ਹੈ ਕਿਉਂਕਿ ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਮੀਟਿੰਗ ਚੱਲ ਰਹੀ ਸੀ ਤਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸਿਰਫ ਪ੍ਰਚਾਰਕ ਵਜੋਂ ਸ਼ਾਮਲ ਹੋਣ ਲਈ ਕਿਹਾ ਸੀ ਅਤੇ ਉਨ੍ਹਾਂ ਦੀ ਪਤਨੀ ਨੂੰ ਵਿਧਾਨ ਸਬਾ ਦੀ ਟਿਕਟ ਦੀ ਪੇਸ਼ਕਸ਼ ਰਖੀ ਸੀ। ਸਿੱਧੂ ਨੇ ਇਸ ਨੂੰ ਮਨਜ਼ੂਰ ਨਹੀਂ ਕੀਤਾ ਅਤੇ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ, ਜਿਥੇ ਉਹ ਕੈਬਨਿਟ ਮੰਤਰੀ ਬਣੇ ਪਰ ਦੋ ਸਾਲਾਂ ਬਾਅਦ ਹੀ ਉਹ ਕਾਂਗਰਸ ਪਾਰਟੀ ਤੋਂ ਵੀ ਹਾਸ਼ੀਏ ’ਤੇ ਚਲੇ ਗਏ।