Woman protesting against : ਬੁਢਲਾਡਾ : ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਅਧੀਨ ਅੱਜ ਬੁਢਲਾਡਾ ਰੇਲਵੇ ਲਾਈਨਾਂ ਉਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਾਤਾ ਤੇਜ ਕੌਰ ਪਤਨੀ ਸਾਧੂ ਸਿੰਘ (83) ਵਜੋਂ ਹੋਈ ਹੈ। ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਭੇਜ ਦਿੱਤਾ ਗਿਆ ਤੇ ਪੁਲਿਸ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। 31 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਨਾਲ ਰੇਲਵੇ ਲਾਈਨਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਇਹ ਮਾਤਾ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਅੰਦੋਲਨ ਦੀ ਔਰਤਾਂ ਚੋਂ ਪਹਿਲੀ ਸ਼ਹੀਦ ਹੈ। ਮਾਤਾ ਤੇਜ ਕੌਰ ਦਾ ਅੰਤਿਮ ਸੰਸਕਾਰ ਕਰਨ ਲਈ ਸਰਕਾਰ ਸਾਹਮਣੇ ਪਰਿਵਾਰ ਦੀ ਸਹਿਮਤੀ ਨਾਲ 10 ਲੱਖ ਰੁਪਏ ,ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਸਰਕਾਰੀ ਤੇ ਨਿੱਜੀ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਗਈ ਹੈ।