Youth Akali Dal : ਜਲੰਧਰ : ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਅਧੀਨ ਅੱਜ ਜਿਲ੍ਹਾ ਜਲੰਧਰ ਵਿਖੇ ਯੂਥ ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਥ ਅਕਾਲੀ ਕਾਰਕੁੰਨਾਂ ਨੇ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਵੀ ਸਾੜਿਆ। ਅਕਾਲੀ ਦਲ ਅਤੇ ਭਾਜਪਾ ਦਰਮਿਆਨ ਵਿਰੋਧ ਵਧਿਆ ਹੈ ਅਤੇ ਇੱਕ ਦੂਜੇ ਖਿਲਾਫ ਅੰਦੋਲਨ ਪ੍ਰਦਰਸ਼ਨ ਵੀ ਸ਼ੁਰੂ ਹੋ ਗਏ ਹਨ।
ਅਕਾਲੀ ਵਰਕਰਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਕਿਸਾਨ ਅੰਦੋਲਨ ‘ਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਗੁਆਉਣ ਦੇ ਬਾਵਜੂਦ ਇਸ ਦਾ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਕਿਸਾਨ ਅੰਦੋਲਨ ਦੇ ਨਾਲ ਖੜੇ ਹਨ ਅਤੇ ਹਰ ਸੰਘਰਸ਼ ਵਿੱਚ ਸਮਰਥਨ ਕਰਨਗੇ। ਖੇਤੀ ਸੁਧਾਰ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਦੋ ਮਹੀਨਿਆਂ ਤੋਂ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਈ ਰਾਜਨੀਤਿਕ ਪਾਰਟੀਆਂ ਕਿਸਾਨੀ ਅੰਦੋਲਨ ‘ਚ ਕਿਸਾਨਾਂ ਦੇ ਨਾਲ-ਨਾਲ ਕੇਂਦਰ ਸਰਕਾਰ ਵਿਰੁੱਧ ਵੀ ਗੁੱਸਾ ਜ਼ਾਹਰ ਕਰ ਰਹੀਆਂ ਹਨ।
ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਆਪਣਾ ਗੱਠਜੋੜ ਤੋੜ ਦਿੱਤਾ ਹੈ ਅਤੇ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨੂੰ ਕੋਸਿਆ ਹੈ। ਇਸ ਦੇ ਨਾਲ ਹੀ, ਕਿਸਾਨ ਜੱਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਸੁਧਾਰ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ, ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਹੁਣ ਕੇਂਦਰ ਵੱਲੋਂ ਇੱਕ ਸਾਲ ਲਈ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਦਾ ਸੁਝਾਅ ਦਿੱਤਾ ਗਿਆ ਹੈ ਜਿਸ ਨੂੰ ਕਿਸਾਨਾਂ ਵੱਲੋਂ ਕੋਰੀ ਨਾਂਹ ਕੀਤੀ ਗਈ ਹੈ।