ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਜੌੜਾ ਵਿੱਚ ਸ਼ਨੀਵਾਰ ਤੜਕੇ ਵੱਟ ਦੇ ਝਗੜੇ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਚਚੇਰੇ ਭਰਾ ਦੇ ਮੁੰਡੇ ਵੱਲੋਂ ਆਪਣੇ ਹੀ ਚਾਚੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਥਾਣਾ ਸਰਹਾਲੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ (50) ਪੁੱਤਰ ਮੱਸਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਚਚੇਰੇ ਭਰਾ ਦੇ ਮੁੰਡੇ ਸੁਰਜੀਤ ਸਿੰਘ ਨੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਬਲਬੀਰ ਸਿੰਘ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਰਿਵਾਰ ਆਪੋ-ਆਪਣੇ ਘਰਾਂ ਵਿੱਚ ਬਹਿਕਾਂ ’ਤੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ਸਾਂਝੀਆਂ ਹਨ। ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਦੁੱਧ ਪਾਉਣ ਲਈ ਘਰੋਂ ਗਿਆ ਹੋਇਆ ਸੀ ਜਦਕਿ ਉਸ ਦੀ ਮਾਤਾ ਘਰ ਵਿੱਚ ਖਾਣਾ ਬਣਾ ਰਹੀ ਸੀ ਅਤੇ ਉਸ ਦੇ ਪਿਤਾ ਘਰ ਵਿੱਚ ਮੌਜੂਦ ਸਨ।
ਇਸ ਦੌਰਾਨ ਜਿਵੇਂ ਹੀ ਉਸ ਦੇ ਪਿਤਾ ਬਲਬੀਰ ਸਿੰਘ ਘਰ ਤੋਂ ਬਾਹਰ ਆਏ ਤਾਂ ਗੁਆਂਢ ਵਿੱਚ ਖੜ੍ਹੇ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਹਰਜੀਤ ਕੌਰ ਨੇ ਉਨ੍ਹਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੋਸ਼ ਲਗਾਇਆ ਕਿ ਝਗੜੇ ਦੌਰਾਨ ਸੁਰਜੀਤ ਸਿੰਘ ਨੇ ਉਸ ਦੇ ਪਿਤਾ ਦੇ ਸਿਰ ਵਿੱਚ ਡਾਂਗ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਬੇਹੋਸ਼ ਹੋ ਗਏ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਤਰਨ ਤਾਰਨ ਦੇ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੱਟ ਦੇ ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਉਸ ਦੇ ਪਿਤਾ ਦਾ ਕਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਾਜੌਰੀ ਨੇੜੇ ਸੁਰੱਖਿਆ ਬਲਾਂ ਨੂੰ ਅੱ.ਤਵਾ.ਦੀ/ਆਂ ਦੀ ਮੌਜੂਦਗੀ ਦਾ ਸ਼ੱਕ, CRPF ਜਵਾਨਾਂ ਨੇ ਚਲਾਇਆ ਸਰਚ ਆਪ੍ਰੇਸ਼ਨ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਹੋਏ ਝਗੜੇ ਦੌਰਾਨ ਬਲਬੀਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










