ਸੋਮਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਐਲਾਨੇ ਗਏ ਦਿੱਲੀ ਮਾਰਚ ਨੂੰ ਰੋਕਣ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੋ ਗਈਆਂ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੰਗਾਂ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਚੰਡੀਗੜ੍ਹ ਵਿੱਚ ਕਰੀਬ ਸਾਢੇ ਪੰਜ ਘੰਟੇ ਚੱਲੀ ਗੱਲਬਾਤ ਤੋਂ ਬਾਅਦ ਵੀ ਦੋਵੇਂ ਧਿਰਾਂ ਇੱਕ ਦੂਜੇ ਦੀ ਗੱਲ ’ਤੇ ਸਹਿਮਤੀ ਨਹੀਂ ਬਣ ਸਕੀਆਂ।
ਸੋਮਵਾਰ ਨੂੰ ਕਰੀਬ ਸਾਢੇ ਪੰਜ ਘੰਟੇ ਤੱਕ ਚੱਲੀ ਮੈਰਾਥਨ ਮੀਟਿੰਗ ਤੋਂ ਬਾਅਦ ਬਾਹਰ ਆਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਤਿੰਨ ਮੰਗਾਂ- ਐਮਐਸਪੀ ਦੀ ਗਰੰਟੀ, ਕਿਸਾਨਾਂ ਦੇ ਕਰਜ਼ੇ ਮੁਆਫ਼ ਅਤੇ ਪੈਨਸ਼ਨ ਦੇਣ ਬਾਰੇ ਕੋਈ ਸਹਿਮਤੀ ਨਹੀਂ ਬਣ ਸਕੀ। ਕਿਸਾਨਾਂ ਦੇ ਕਰਜ਼ਾ ਮੁਆਫ ਕਰਨ ਅਤੇ 60 ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦੇਣ ‘ਤੇ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਕਿਸਾਨਾਂ ‘ਤੇ ਦਰਜ ਮਾਮਲੇ ਵਾਪਸ ਲਏ ਜਾਣ ‘ਤੇ ਕੇਂਦਰੀ ਮੰਤਰੀਆਂ ਨੇ ਸਹਿਮਤੀ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਗੱਲਬਾਤ ਲਈ ਤਿਆਰ ਹਨ ਅਤੇ ਜਦੋਂ ਵੀ ਕੇਂਦਰ ਸਰਕਾਰ ਗੱਲਬਾਤ ਲਈ ਬੁਲਾਵੇਗੀ ਤਾਂ ਅਸੀਂ ਜ਼ਰੂਰ ਜਾਵਾਂਗੇ। ਪੰਧੇਰ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕੋਲ ਕੋਈ ਤਜਵੀਜ਼ ਨਹੀਂ ਹੈ ਅਤੇ ਸਿਰਫ਼ ਸਮਾਂ ਲੰਘਾਉਣਾ ਚਾਹੁੰਦੀ ਹੈ। ਅਸੀਂ ਪੂਰੀ ਕੋਸ਼ਿਸ਼ ਕੀਤੀ ਅਤੇ ਮੰਤਰੀਆਂ ਨਾਲ ਲੰਬੀ ਗੱਲਬਾਤ ਕੀਤੀ ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਮੰਗਲਵਾਰ ਸਵੇਰੇ 10 ਵਜੇ ਤੱਕ ਸਰਕਾਰ ਦੇ ਜਵਾਬ ਦੀ ਉਡੀਕ ਕਰਾਂਗੇ, ਜਿਸ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਾਂਗੇ।
ਇਹ ਵੀ ਪੜ੍ਹੋ : ਕਿਸਾਨਾਂ ਨਾਲ ਮੀਟਿੰਗ ਮਗਰੋਂ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਆਇਆ ਸਾਹਮਣੇ
ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, ‘ਮੀਟਿੰਗ ਕਾਫੀ ਦੇਰ ਤੱਕ ਚੱਲੀ, ਹਰ ਮੰਗ ‘ਤੇ ਚਰਚਾ ਹੋਈ ਪਰ ਇਹ ਮੰਗਾਂ ਨਹੀਂ ਸਨ, ਇਹ ਸਰਕਾਰ ਵੱਲੋਂ ਵੱਖ-ਵੱਖ ਸਮੇਂ ‘ਤੇ ਕੀਤੇ ਵਾਅਦੇ ਸਨ।
ਇਹ ਕਿਸਾਨਾਂ ਦੀਆਂ ਮੁੱਖ ਮੰਗਾਂ ਸਨ
ਸਵਾਮੀਨਾਥਨ ਰਿਪੋਰਟ ਮੁਤਾਬਕ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ
ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ
ਲਖੀਮਪੁਰ ਖੀਰੀ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਇਨਸਾਫ਼ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ।
ਲਖੀਮਪੁਰ ਖੀਰੀ ਕਾਂਡ ਵਿੱਚ ਜ਼ਖਮੀ ਹੋਏ ਸਾਰੇ ਕਿਸਾਨਾਂ ਨੂੰ ਕੀਤੇ ਵਾਅਦੇ ਮੁਤਾਬਕ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ।
ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਨੂੰ ਰੱਦ ਕਰਨ ਦੀ ਮੰਗ
ਪਿਛਲੇ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦਿੱਤੀਆਂ ਜਾਣ
ਮਨਰੇਗਾ ਤਹਿਤ 200 ਦਿਨਾਂ ਦੀ ਦਿਹਾੜੀ ਮਿਲੇ
700 ਰੁਪਏ ਮਜ਼ਦੂਰੀ ਦੀ ਮੰਗ ਕੀਤੀ
ਸਰਕਾਰ ਫਸਲੀ ਬੀਮਾ ਖੁਦ ਕਰੇ
ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੇ ਹੋਣ ਤੋਂ ਬਾਅਦ ਪ੍ਰਤੀ ਮਹੀਨਾ 10,000 ਰੁਪਏ ਮਿਲਣ
ਖੇਤੀ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਕੀਤਾ ਜਾਵੇ
ਵੀਡੀਓ ਲਈ ਕਲਿੱਕ ਕਰੋ –