ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਰਾਹੀਂ 1200 ਰਾਖਵੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਦਿੱਤੀ।
ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਾਂ ਦੀਆਂ ਤਰੱਕੀਆਂ ਲਈ 620 ਅਸਾਮੀਆਂ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਰੱਕੀ ਦੀ ਉਡੀਕ ਕਰ ਰਹੇ ਦਿਵਿਆਂਗ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਤਰੱਕੀ ਮਿਲ ਜਾਵੇਗੀ। ਰਾਜ ਪੱਧਰੀ ਸਮਾਗਮ ਦੌਰਾਨ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ 12 ਸ਼ਖ਼ਸੀਅਤਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਜ਼ਿੰਦਗੀ ਦੇ ਕਿਸੇ ਵੀ ਪੜਾਅ ‘ਤੇ ਆਪਣੇ ਆਪ ਨੂੰ ਕਮਜ਼ੋਰ ਨਾ ਸਮਝਣ, ਪੰਜਾਬ ਸਰਕਾਰ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਹੈ। ਸਰਕਾਰ ਰਾਜ ਦੇ 2,59,598 ਅਪਾਹਜ ਵਿਅਕਤੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਿਸ ਵਿੱਚ ਦਿਵਿਆਂਗ ਵਿਅਕਤੀਆਂ ਦੇ ਨਾਲ-ਨਾਲ ਉਨ੍ਹਾਂ ਦੇ ਬੱਚੇ ਵੀ ਸ਼ਾਮਲ ਹਨ। ਨੇਤਰਹੀਣਾਂ ਲਈ ਲੁਧਿਆਣਾ ਦੇ ਨੇਤਰਹੀਣ ਸਕੂਲ ਨੂੰ ਹੁਣ 12ਵੀਂ ਜਮਾਤ ਤੱਕ ਅੱਪਗ੍ਰੇਡ ਕਰ ਦਿੱਤਾ ਗਿਆ ਹੈ। ਇਸ ਦੇ ਬੁਨਿਆਦੀ ਢਾਂਚੇ ਵਿੱਚ 1.67 ਕਰੋੜ ਰੁਪਏ ਦਾ ਸੁਧਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ (ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ) ਰਾਜੀ ਪੀ. ਸ੍ਰੀਵਾਸਤਵ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ 32 ਵਿਭਾਗਾਂ ਨੇ ਅਪਾਹਜ ਵਿਅਕਤੀਆਂ ਲਈ ਰਾਖਵੀਆਂ 1200 ਅਸਾਮੀਆਂ ਬਾਰੇ ਜਾਣਕਾਰੀ ਦਿੱਤੀ ਹੈ, ਜਿਨ੍ਹਾਂ ਵਿੱਚੋਂ ਕਈ ਅਸਾਮੀਆਂ ਸਿੱਧੀ ਭਰਤੀ ਰਾਹੀਂ ਅਤੇ ਕਈ ਤਰੱਕੀਆਂ ਰਾਹੀਂ ਭਰੀਆਂ ਜਾਣੀਆਂ ਹਨ। ਇਸ ਬੈਕਲਾਗ ਨੂੰ ਪੂਰਾ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸਿੱਧੀ ਭਰਤੀ ਲਈ ਵਿਭਾਗ ਵਾਈਜ਼ ਇਸ਼ਤਿਹਾਰ ਵੀ ਜਲਦੀ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ : ਪਿ.ਸਤੌਲ ਦੀ ਨੋਕ ‘ਤੇ ਲੁੱਟੇ ਮੋਬਾਈਲ-ATM, ਭੈਣ ਦੇ ਵਿਆਹ ਲਈ ਰੱਖੇ ਪੌਣੇ 3 ਲੱਖ ਖਾਤੇ ‘ਚੋਂ ਉਡਾਏ
ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਅਨੁਸੂਚਿਤ ਜਾਤੀ ਵਿਕਾਸ ਕਾਰਪੋਰੇਸ਼ਨ ਨੇ ਸਾਲ 2022-23 ਦੌਰਾਨ ਕੁੱਲ 59 ਕੇਸਾਂ ਵਿੱਚ 129.31 ਲੱਖ ਰੁਪਏ ਅਤੇ ਸਾਲ ਦੌਰਾਨ ਕੁੱਲ 46 ਕੇਸਾਂ ਵਿੱਚ 129.31 ਲੱਖ ਰੁਪਏ ਮਨਜ਼ੂਰ ਕੀਤੇ ਹਨ। ਇਸ ਤਹਿਤ 91.77 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ 12 ਸ਼ਖਸੀਅਤਾਂ ਨੂੰ ਦਿਵਿਆਂਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਅਤੇ ਸੇਵਾਵਾਂ ਲਈ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਹਰਚਰਨ ਸਿੰਘ, ਡਾ: ਤਿਆਵਾਸਪ੍ਰੀਤ ਕੌਰ, ਡਾ: ਤਪਿੰਦਰ ਜੋਤ, ਰਵਿੰਦਰ ਸਿੰਘ ਸਹੋਤਾ, ਨਵਜੋਤ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ, ਜਸਪ੍ਰੀਤ ਕੌਰ ਅਤੇ ਨਰਿੰਦਰ ਸਿੰਘ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਸੰਤੋਸ਼ ਰਾਣੀ ਅਤੇ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –