ਅੱਜ 14 ਅਪ੍ਰੈਲ ਨੂੰ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦਿੱਲੀ ਸਮੇਤ ਦੇਸ਼ ਭਰ ਵਿੱਚ ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ ਦਿਵਸ ਮਨਾਏਗੀ। ਪਾਰਟੀ ਵਰਕਰ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਣਗੇ ਅਤੇ ਸੰਵਿਧਾਨ ਦੀ ਰੱਖਿਆ ਲਈ ਸਹੁੰ ਚੁੱਕਣਗੇ। ‘ਆਪ’ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ‘ਚੋਂ ਸੁਨੇਹਾ ਦਿੱਤਾ ਹੈ ਕਿ ਸਾਡੇ ‘ਤੇ ਜਿੰਨੇ ਮਰਜ਼ੀ ਅੱਤਿਆਚਾਰ ਹੋ ਜਾਣ, ਅਸੀਂ ਬਰਦਾਸ਼ਤ ਕਰਾਂਗੇ, ਪਰ ਸੰਵਿਧਾਨ ਨੂੰ ਪ੍ਰਭਾਵਿਤ ਨਹੀਂ ਹੋਣ ਦੇਵਾਂਗੇ।
ਗੋਪਾਲ ਰਾਏ ਨੇ ਕਿਹਾ ਕਿ ਪਾਰਟੀ ਵਰਕਰ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਣਗੇ ਅਤੇ ਸੰਵਿਧਾਨ ਦੀ ਰੱਖਿਆ ਲਈ ਸਹੁੰ ਚੁੱਕਣਗੇ। ਉਨ੍ਹਾਂ ਪਾਰਟੀ ਦਫ਼ਤਰ ‘ਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਸਾਡੇ ਲੋਕਤੰਤਰ ਅਤੇ ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ।’ ਰਾਏ ਨੇ ਕਿਹਾ, ‘ਸਾਨੂੰ ਇਸ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣ ਦੀ ਲੋੜ ਹੈ।’ ਗੋਪਾਲ ਰਾਏ ਨੇ ਕਿਹਾ, ‘ਐਤਵਾਰ ਨੂੰ ਅਸੀਂ ਇਕ ਦਿਨ ਦਾ ਪ੍ਰੋਗਰਾਮ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਮਨਾਵਾਂਗੇ, ਜਿੱਥੇ ‘ਆਪ’ ਵਰਕਰ ਆਪਣੇ ਰਾਜਾਂ ਵਿਚ ਪਾਰਟੀ ਦਫਤਰਾਂ ‘ਤੇ ਇਕੱਠੇ ਹੋਣਗੇ ਅਤੇ ਸਾਡੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਸਹੁੰ ਚੁੱਕਣਗੇ।’ ‘ਆਪ’ ਆਗੂ ਨੇ ਕਿਹਾ ਕਿ ਇਹ ਪ੍ਰੋਗਰਾਮ ਦੇਸ਼ ਭਰ ਦੀਆਂ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਸਥਿਤ ਪਾਰਟੀ ਦਫ਼ਤਰਾਂ ਵਿੱਚ ਆਯੋਜਿਤ ਕੀਤਾ ਜਾਵੇਗਾ। ਰਾਏ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਇਹ ਪ੍ਰੋਗਰਾਮ ਕੇਜਰੀਵਾਲ ਦੀ ਸਲਾਹ ‘ਤੇ ਆਯੋਜਿਤ ਕੀਤਾ ਜਾ ਰਿਹਾ ਸੀ, ਜਿਸ ਨੇ ਜੇਲ ਤੋਂ ਇਕ ਸੰਦੇਸ਼ ‘ਚ ‘ਆਪ’ ਵਿਧਾਇਕਾਂ ਅਤੇ ਵਰਕਰਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਸੀ ਕਿ ਦਿੱਲੀ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਈ ਕੋਰਟ ਵਿੱਚ ਆਪਣੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ‘ਚ ਆਪਣੀ ਪਟੀਸ਼ਨ ‘ਚ ਕੇਜਰੀਵਾਲ ਨੇ ਦਲੀਲ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਲੜਨ ਲਈ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਇਹ ਵਿਰੋਧੀ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਦੀ ਗਲਤ ਪਰੰਪਰਾ ਕਾਇਮ ਕਰੇਗਾ। ਇਹ ਕਹਿੰਦਿਆਂ ਉਨ੍ਹਾਂ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਪਟੀਸ਼ਨ ਐਮਰਜੈਂਸੀ ਸਥਿਤੀ ਵਿੱਚ ਦਾਇਰ ਕੀਤੀ ਜਾ ਰਹੀ ਹੈ, ਕਿਉਂਕਿ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਨੂੰ ਚੋਣਾਂ ਦੌਰਾਨ ਈਡੀ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .