ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਸ ਵੱਲੋਂ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਂ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸ ਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਕਿਸਾਨ ਮੰਗਾਂ ਸਬੰਧੀ ਕੈਪਟਨ ਅਮਰਿੰਦਰ ਦੀ PM ਮੋਦੀ ਨਾਲ ਮਿਲਣੀ ਕਿਸਾਨਾਂ ਲਈ ਲਾਹੇਬੰਦ ਸਾਬਤ ਹੋਵੇਗੀ : ਟਿੱਕਾ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਗਈ ਤਾਂ ਮੁਲਜ਼ਮ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ ਜਿਸ ‘ਤੇ ਕਾਰਵਾਈ ਕਰਦੇ ਹੋਏ ਉਸ ਖਿਲਾਫ ਜਲੰਧਰ ਰੇਂਜ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।
























