ਵਿਜੀਲੈਂਸ ਬਿਊਰੋ ਪੰਜਾਬ ਨੇ ਮੰਗਲਵਾਰ ਨੂੰ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ ਬਠਿੰਡਾ ਵਿੱਚ ਇੱਕ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਦੀਆਂ ਟੀਮਾਂ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਸਨ।
ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਵਿਜੀਲੈਂਸ ਬਿਊਰੋ ਬਠਿੰਡਾ ਨੇ ਹੋਰ ਸੁਰੱਖਿਆ ਏਜੰਸੀਆਂ ਦੀ ਸਿਫਾਰਿਸ਼ ‘ਤੇ ਉਨ੍ਹਾਂ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਅਧਿਕਾਰੀਆਂ ਨੂੰ ਸ਼ੱਕ ਸੀ ਕਿ ਬਾਦਲ ਗ੍ਰਿਫਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ, ਇਸ ਲਈ ਸਾਰੇ ਹਵਾਈ ਅੱਡਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਬਾਦਲ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਉਨ੍ਹਾਂ ਦੀ ਰਿਹਾਇਸ਼ ਅਤੇ ਹੋਰ ਜਾਣੇ-ਪਛਾਣੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਪਰ ਉਨ੍ਹਾਂ ਦਾ ਥਹੁ-ਪਤਾ ਨਹੀਂ ਮਿਲਿਆ।
ਇਹ ਵੀ ਪੜ੍ਹੋ : ‘ਕੁੜੀ ਨੂੰ ਕੰਮ ਕੱਢਣ ਕਰਕੇ ਸ਼ੁਰੂ ਕੀਤੀ ਬਲੈਕਮੇਲਿੰਗ’- ਕੁਲਹੜ ਪੀਜ਼ਾ ਵਾਲਿਆਂ ਦੇ ਵੀਡੀਓ ਕੇਸ ‘ਚ FIR ‘ਚ ਦੋਸ਼
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਅਦਾਲਤ ਵਿੱਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਸੀ। ਉਨ੍ਹਾਂ ਦੀ ਅਰਜ਼ੀ ‘ਤੇ ਵਧੀਕ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ‘ਚ ਸੁਣਵਾਈ ਹੋਣੀ ਸੀ, ਪਰ ਮੰਗਲਵਾਰ ਨੂੰ ਮਨਪ੍ਰੀਤ ਬਾਦਲ ਦੇ ਵਕੀਲ ਐਡਵੋਕੇਟ ਸੁਖਦੀਪ ਬਿੰਦਰ ਨੇ ਅਦਾਲਤ ‘ਚੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਅਤੇ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ, ਤਾਂਜੋ ਉਹ ਨਵੇਂ ਸਿਰੇ ਤੋਂ ਮਨਪ੍ਰੀਤ ਬਾਦਲ ਦੀ ਜ਼ਮਾਨਤ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -: