ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਗੋਲੇਵਾਲਾ, ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏਐਸਆਈ ਉਸ ਦੇ ਅਤੇ ਉਸਦੇ ਭਰਾ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਦਰਜ ਹੋਏ ਇੱਕ ਪੁਲਿਸ ਮੁਕੱਦਮੇ ਵਿੱਚ ਜ਼ਮਾਨਤੀ ਬਾਂਡ ਲੈਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਉਕਤ ਕੰਮ ਦੀ ਪਹਿਲੀ ਕਿਸ਼ਤ ਵਜੋਂ 2000 ਰੁਪਏ ਦੀ ਰਿਸ਼ਵਤ ਪਹਿਲਾਂ ਵੀ ਲਈ ਸੀ ਅਤੇ ਹੁਣ ਬਾਕੀ ਰਹਿੰਦੀ ਰਿਸ਼ਵਤ 13000 ਰੁਪਏ ਦੇਣ ਲਈ ਕਈ ਵਾਰ ਕਹਿ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਅਧਿਕਾਰੀ ਨਾਲ ਹੋਈ ਗੱਲਬਾਤ ਦੀ ਆਡੀਓ ਵੀ ਰਿਕਾਰਡ ਕੀਤੀ, ਜੋ ਉਸ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਹਾਈਕੋਰਟ ਲਈ 18 ਏਕੜ ਜ਼ਮੀਨ ਦੇਵੇਗਾ ਚੰਡੀਗੜ੍ਹ, ਕੋਰਟ ਦੀ ਸਖਤੀ ਮਗਰੋਂ ਫੈਸਲਾ
ਵਿਭਾਗ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾ ਕੇ ਉਕਤ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਏ.ਐਸ.ਆਈ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –