ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਤਸਵੀਰ ਲਗਭਗ ਸਪੱਸ਼ਟ ਹੋ ਗਈ ਹੈ ਪਰ ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ 4 ਸੀਟਾਂ ‘ਤੇ ਉਮੀਦਵਾਰਾਂ ਦਾ ਫੈਸਲਾ ਨਹੀਂ ਕੀਤਾ ਹੈ। ਸੱਤਾਧਾਰੀ ‘ਆਪ’ ਅਤੇ ਅਕਾਲੀ ਦਲ ਨੇ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਭਾਜਪਾ ਜਲਦੀ ਹੀ ਬਾਕੀ ਚਾਰ ਸੀਟਾਂ ਸੰਗਰੂਰ, ਸ੍ਰੀ ਅਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਫਤਿਹਗੜ੍ਹ ਸਾਹਿਬ ਤੋਂ ਵੀ ਟਿਕਟਾਂ ਦਾ ਐਲਾਨ ਕਰ ਸਕਦੀ ਹੈ।
ਦਾਅਵੇਦਾਰਾਂ ਦੀ ਦੌੜ ਵਿੱਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਵਿਧਾਇਕ ਦੇ ਨਾਂ ਸਭ ਤੋਂ ਅੱਗੇ ਹਨ। ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਵਿਨਾਸ਼ ਰਾਏ ਖੰਨਾ ਦਾ ਨਾਂ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਗਰੂਰ ਹਲਕੇ ਤੋਂ ਸਨਅਤਕਾਰ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦਾ ਨਾਂ ਮੁੱਖ ਦਾਅਵੇਦਾਰ ਵਜੋਂ ਉੱਭਰ ਰਿਹਾ ਹੈ। ਹਾਲਾਂਕਿ ਇਸ ਸੀਟ ਲਈ ਕੇਵਲ ਸਿੰਘ ਢਿੱਲੋਂ ਵੀ ਦਾਅਵੇਦਾਰ ਹਨ। ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਕੈਪਟਨ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਰਾਣਾ ਗੁਰਮੀਤ ਸਿੰਘ ਸੋਢੀ ਫਿਰੋਜ਼ਪੁਰ ਤੋਂ ਟਿਕਟ ਲੈਣ ਦੀ ਦੌੜ ਵਿੱਚ ਹਨ। ਇਸ ਸੀਟ ਤੋਂ ਭਾਜਪਾ ਵਿੱਚ ਸ਼ਾਮਲ ਹੋ ਕੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਨੂੰ ਟਿਕਟ ਦਿੱਤੇ ਜਾਣ ਦੀਆਂ ਵੀ ਜ਼ੋਰਦਾਰ ਅਟਕਲਾਂ ਚੱਲ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਖੁਦ ਅਜਿਹਾ ਚਾਹੁੰਦੇ ਹਨ। ਸੂਤਰਾਂ ਮੁਤਾਬਕ ਇਸ ਕਾਰਨ ਫਿਰੋਜ਼ਪੁਰ ਸੀਟ ਤੋਂ ਟਿਕਟ ਦਾ ਫੈਸਲਾ ਕਰਨ ਵਿੱਚ ਦੇਰ ਹੋ ਰਹੀ ਹੈ, ਜਦੋਂ ਕਿ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ (ਰਿੰਕੂ) ਅਟਵਾਲ ਅਤੇ ਫਤਹਿਗੜ੍ਹ ਸਾਹਿਬ ਤੋਂ ਦਾਅਵੇਦਾਰਾਂ ‘ਚ ਮੋਹਰੀ ਹੈ। ਇਸ ਤੋਂ ਇਲਾਵਾ ਡਾ: ਦੀਪਕ ਜੋਤੀ ਵੀ ਇਸ ਸੀਟ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਹਨ। ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਗੁਜਰਾਤ ਵਿੱਚ ਰੁੱਝੇ ਹੋਣ ਕਾਰਨ ਇਨ੍ਹਾਂ ਸੀਟਾਂ ਤੋਂ ਉਮੀਦਵਾਰਾਂ ਦੇ ਐਲਾਨ ਵਿੱਚ ਦੇਰੀ ਹੋਈ ਹੈ, ਪਰ ਹੁਣ ਟਿਕਟਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।
ਇੰਚਾਰਜ ਵਜੋਂ, ਖੰਨਾ ਨੇ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੋਆ, ਤ੍ਰਿਪੁਰਾ ਵਿੱਚ ਲੋਕ ਸਭਾ ਚੋਣਾਂ ਕਰਵਾਈਆਂ ਹਨ। ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਨ੍ਹਾਂ ਨੂੰ ਆਨੰਦਪੁਰ ਸਾਹਿਬ ਵਰਗੀ ਪੰਥਕ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰ ਕੇ ਜਿੱਤ ਦੀਆਂ ਸੰਭਾਵਨਾਵਾਂ ਵਧਾਉਣਾ ਚਾਹੁੰਦੀ ਹੈ। ਹਾਲਾਂਕਿ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਵੀ ਇਸ ਸੀਟ ਲਈ ਦਾਅਵੇਦਾਰ ਮੰਨੇ ਜਾ ਰਹੇ ਹਨ। ਉਹ 2012 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਬਣਾਇਆ ਸੀ। ਸੰਗਰੂਰ ਤੋਂ ਭਾਜਪਾ ਦੇ ਮੁੱਖ ਦਾਅਵੇਦਾਰ ਮੰਨੇ ਜਾਂਦੇ ਸਨਅਤਕਾਰ ਅਰਵਿੰਦ ਖੰਨਾ 2002 ਵਿੱਚ ਕਾਂਗਰਸ ਦੀ ਟਿਕਟ ’ਤੇ ਸੰਗਰੂਰ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਉਹ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਦੇ ਉਮੀਦਵਾਰ ਸਨ। ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਬਾਅਦ ਵਿੱਚ 2022 ਵਿੱਚ ਖੰਨਾ ਭਾਜਪਾ ਵਿੱਚ ਸ਼ਾਮਲ ਹੋ ਗਏ। ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਵੀ ਟਿਕਟ ਲੈਣ ਦੀ ਦੌੜ ਵਿੱਚ ਹਨ। ਉਹ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਭਗਵੰਤ ਮਾਨ ਦੇ ਵਿਧਾਨ ਸਭਾ ਚੋਣਾਂ ਜਿੱਤ ਕੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਾਜਪਾ ਨੇ ਸੰਗਰੂਰ ਦੀਆਂ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ
ਦਾਅਵੇਦਾਰਾਂ ਵਿੱਚ ਫ਼ਿਰੋਜ਼ਪੁਰ ਤੋਂ ਸੁਰਜੀਤ ਕੁਮਾਰ ਜਿਆਣੀ ਦਾ ਨਾਂਅ ਅੱਗੇ ਆ ਰਿਹਾ ਹੈ। ਉਹ ਤਿੰਨ ਵਾਰ ਫਾਜ਼ਿਲਕਾ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ 2012 ਵਿੱਚ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਿੱਚ ਸਿਹਤ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਟਿਕਟ ਹਾਸਲ ਕਰਨ ਦੀ ਦੌੜ ਵਿੱਚ ਹਨ। ਇਸ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੇ ਨਾਂ ਨੂੰ ਲੈ ਕੇ ਵੀ ਅਟਕਲਾਂ ਲਾਈਆਂ ਜਾ ਰਹੀਆਂ ਹਨ। ਜਾਖੜ ਖੁਦ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਕੇ ਟਿਕਟ ਦੇਣਾ ਚਾਹੁੰਦੇ ਹਨ।
ਦੂਜੇ ਪਾਸੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ (ਰਿੰਕੂ) ਸਿੰਘ ਅਟਵਾਲ ਅਤੇ ਫਤਹਿਗੜ੍ਹ ਸਾਹਿਬ ਤੋਂ ਡਾ: ਦੀਪਕ ਜੋਤੀ ਦੇ ਨਾਂ ਦਾਅਵੇਦਾਰ ਵਜੋਂ ਸਾਹਮਣੇ ਆ ਰਹੇ ਹਨ। ਰਿੰਕੂ ਅਟਵਾਲ ਵੀ ਭਾਜਪਾ ਦੀ ਟਿਕਟ ‘ਤੇ ਜਲੰਧਰ ਲੋਕ ਸਭਾ ਉਪ ਚੋਣ ਲੜ ਚੁੱਕੇ ਹਨ।
ਆਨੰਦਪੁਰ ਸਾਹਿਬ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਸੰਗਰੂਰ ਸੀਟਾਂ ਲਈ ਭਾਜਪਾ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਨਾ ਦਿੱਤੇ ਜਾਣ ਕਾਰਨ ਪਾਰਟੀ ਵਰਕਰ ਵੀ ਦੁਚਿੱਤੀ ਵਿੱਚ ਹਨ ਕਿਉਂਕਿ ਨਾਮਜ਼ਦਗੀ ਪ੍ਰਕਿਰਿਆ 14 ਜੂਨ ਨੂੰ ਖਤਮ ਹੋ ਜਾਵੇਗੀ। ਹੋਰ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: