ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਏ ਮੁੰਡੇ ‘ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪਤਾ ਲੱਗਾ ਹੈ ਕਿ ਸ਼ਰਾਬ ਪੀ ਕੇ ਸੜਕ ‘ਤੇ ਹੰਗਾਮਾ ਕਰਨ ਦਾ ਵਿਰੋਧ ਕਰਨ ‘ਤੇ ਕਾਰ ਸਵਾਰ ਨੌਜਵਾਨ ਦੀ ਕੁੱਟਮਾਰ ਕੀਤੀ ਗਈ। ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਮਰਜੈਂਸੀ ‘ਚ ਦਾਖਲ ਅਕਸ਼ੈ ਕੁਮਾਰ ਨਾਂ ਦੇ ਇਸ ਮੁੰਡੇ ਨੂੰ ਡਾਕਟਰਾਂ ਸਾਹਮਣੇ ਸ਼ਰੇਆਮ ਇਲਾਜ ਦੌਰਾਨ ਹਮਲਾਵਰਾਂ ਨੇ ਕੁੱਟਿਆ।
ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਇਹ ਘਟਨਾ ਹੁਣ ਵਾਇਰਲ ਹੋ ਗਈ ਹੈ। ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੂੰ ਭਾਜੜਾਂ ਪੈ ਗਈਆਂ ਅਤੇ 26 ਫਰਵਰੀ ਦੀ ਰਾਤ ਨੂੰ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ।
ਅਕਸ਼ੈ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਪੋਲੋ ਗਰਾਊਂਡ ਨੇੜਿਓਂ ਲੰਘ ਰਿਹਾ ਸੀ। ਜਿੱਥੇ ਸੜਕ ਦੇ ਵਿਚਕਾਰ ਕੁਝ ਨੌਜਵਾਨ ਖੁੱਲ੍ਹੇਆਮ ਸ਼ਰਾਬ ਪੀ ਰਹੇ ਸਨ। ਇਨ੍ਹਾਂ ਲੋਕਾਂ ਨੇ ਹਾਰਨ ਵਜਾ ਕੇ ਰਸਤਾ ਮੰਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਰਸਤੇ ਵਿਚਕਾਰ ਸ਼ਰਾਬ ਪੀਣ ‘ਤੇ ਵੀ ਇਤਰਾਜ਼ ਪ੍ਰਗਟਾਇਆ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : BJP ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, PM ਮੋਦੀ ਵਾਰਾਣਸੀ ਤੋਂ ਲੜਨਗੇ ਚੋਣ
ਸ਼ਰਾਬੀ ਹਾਲਤ ਵਿੱਚ ਆਏ ਇਨ੍ਹਾਂ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਰਾਡਾਂ ਨਾਲ ਉਸ ਦਾ ਸਿਰ ਭੰਨ ਦਿੱਤਾ। ਹਮਲੇ ‘ਚ ਜਦੋਂ ਉਹ ਜ਼ਖਮੀ ਹੋ ਗਿਆ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਨ੍ਹਾਂ ਲੋਕਾਂ ਨੇ ਰਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ। ਘਟਨਾ ਵੇਲੇ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਵੀ ਉਨ੍ਹਾਂ ਨੂੰ ਧਮਕੀਆਂ ਦੇ ਕੇ ਚੁੱਪ ਕਰਵਾ ਦਿੱਤਾ।
ਥਾਣਾ ਕੋਤਵਾਲੀ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੇਰ ਰਾਤ ਐਫਆਈਆਰ ਦਰਜ ਕੀਤੀ ਗਈ ਸੀ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।