Fuel prices rise: ਨਵੀਂ ਦਿੱਲੀ: ਆਮ ਲੋਕਾਂ ਨੂੰ ਮਹਿੰਗਾਈ ਤੋਂ ਬਿਲਕੁਲ ਵੀ ਰਾਹਤ ਮਿਲਣ ਦੀ ਉਮੀਦ ਨਹੀਂ ਦਿੱਖ ਰਹੀ ਹੈ। ਇਹ ਪਹਿਲਾ ਮੌਕਾ ਹੈ ਜਦੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਇਕ ਵਾਰ ਫਿਰ ਤੇਲ ਮਾਰਕੀਟਿੰਗ ਕੰਪਨੀ (HPCL, BPCL, IOC) ਨੇ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ 20 ਪੈਸੇ ਦਾ ਵਾਧਾ ਹੋਇਆ ਹੈ ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਦਾ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤ ਵੱਧ ਕੇ 79.76 ਰੁਪਏ ਪ੍ਰਤੀ ਲੀਟਰ ਹੋ ਗਈ । ਉੱਥੇ ਹੀ ਡੀਜ਼ਲ ਦੀ ਕੀਮਤ ਵਿੱਚ ਵੀ ਵਾਧਾ ਕੀਤਾ ਗਿਆ ਹੈ । ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 79.40 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ।
ਤੇਲ ਕੰਪਨੀਆਂ ਨੇ ਸੋਮਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 33 ਪੈਸੇ, 32 ਪੈਸੇ, 32 ਪੈਸੇ ਅਤੇ 29 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ । ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਚਾਰ ਮਹਾਂਨਗਰਾਂ ਵਿੱਚ ਕ੍ਰਮਵਾਰ 58 ਪੈਸੇ, 53 ਪੈਸੇ, 55 ਪੈਸੇ ਅਤੇ 50 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਇੱਕ ਪਾਸੇ ਜਿੱਥੇ ਪਿਛਲੇ 15 ਦਿਨਾਂ ਤੋਂ ਕੱਚੇ ਤੇਲ ਦੀ ਕੀਮਤ 35-40 ਡਾਲਰ ਪ੍ਰਤੀ ਬੈਰਲ ਹੈ, ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਪਿਛਲੇ 17 ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਤਕਰੀਬਨ 8.50 ਰੁਪਏ ਦਾ ਵਾਧਾ ਕੀਤਾ ਹੈ । ਇਸ ਦੇ ਨਾਲ ਹੀ ਪਿਛਲੇ 17 ਦਿਨਾਂ ਵਿੱਚ ਡੀਜ਼ਲ 9.77 ਰੁਪਏ ਮਹਿੰਗਾ ਹੋ ਗਿਆ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲਦੀ ਹੈ। ਪੈਟਰੋਲ-ਡੀਜ਼ਲ ਦੀਆਂ ਬਦਲੀਆਂ ਹੋਈਆਂ ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿੱਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।