ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਕੰਮ ਠੱਪ ਰਹੇਗਾ ਕਿਉਂਕਿ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਇਕ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ।ਇਸ ਦੇ ਵਿਰੋਧ ਵਿਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।
ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ ਅੱਜ ਪ੍ਰਦਰਸ਼ਨ ਕਰਦੇ ਹੋਏ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ। ਨਾਲ ਹੀ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਜਾਂ ਸੀਬੀਆਈ/NIA ਤੋਂ ਕਰਾਉਣ ਦੀ ਮੰਗ ਕਰ ਰਹੇ ਹਨ। ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਮਾਮਲਾ ਮੁਲਜ਼ਮ ਪੁਲਿਸ ਮੁਲਾਜ਼ਮਾਂ ‘ਤੇ FIR ਹੋਣ ਜਾਂ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਖਤਮ ਨਹੀਂ ਹੋਣ ਵਾਲਾ। ਵਕੀਲਾਂ ਨੇ ਕਿਹਾ ਕਿ ਇਹ ਮਾਮਲਾ ਉਸ ਸਮੇਂ ਖਤਮ ਹੋਵੇਗਾ ਜਦੋਂ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਇਸ ਘਿਨਾਉਣੇ ਅਪਰਾਧ ਲਈ ਸਜ਼ਾ ਦਿੱਤੀ ਜਾਵੇਗੀ। ਇਸ ਕਾਰਨ ਨਿਰਪੱਖ ਜਾਂਚ ਹੋਣੀ ਬਹੁਤ ਜ਼ਰੂਰੀ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਐੱਸਪੀ (ਡੀ) ਰਮਨਦੀਪ ਸਿੰਘ ਭੁੱਲਰ ਸਣੇ ਸੀਆਈਏ ਇੰਚਾਰਜ ਰਮਨ ਕੰਬੋਜ ਤੇ ਚਾਰ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ, ਗੁਰਪ੍ਰੀਤ ਸਿੰਘ ਤੇ ਦਾਰਾ ਸਿੰਘ ਖਿਲਾਫ ਬੀਤੀ ਦੇਰ ਰਾਤ ਕੇਸ ਦਰਜ ਕਰ ਲਿਆ ਗਿਆ।
ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਅਦਾਲਤੀ ਕੰਮਕਾਜ ਤੋਂ ਦੂਰ ਰਹਿਣ ਦੀ ਸੂਚਨਾ ਪੰਜਾਬ-ਹਰਿਆਣਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਕੱਤਰ ਨੂੰ ਭੇਜ ਦਿੱਤੀ ਸੀ। ਵਕੀਲਾਂ ਨੇ ਕੰਮ ‘ਤੇ ਦੁਬਾਰਾ ਪਰਤਣ ਤੋਂ ਪਹਿਲਾਂ ਕਈ ਮੰਗਾਂ ਰੱਖੀਆਂ ਹਨ-ਮਾਮਲੇ ਦੀ ਜਾਂਚ ਪੰਜਾਬ ਤੋਂ ਬਾਹਰ ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਆਜ਼ਾਦ ਏਜੰਸੀ ਨੂੰ ਸੌਂਪੀ ਜਾਵੇ। ਵਕੀਲ ਖਿਲਾਫ ਦਰਜ FIR ਤਤਕਾਲ ਪ੍ਰਭਾਵ ਨਾਲ ਰੱਦ ਕੀਤੀ ਜਾਵੇ। ਪੀੜਤ ਵਕੀਲ ਨੂੰ ਤਸ਼ੱਦਦ ਦੇਣ ਵਾਲੀ ਮੁਲਜ਼ਮ ਅਧਿਕਾਰੀਆਂ ਖਿਲਾਫ FIR ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: