ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਈਡੀ ਨੂੰ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਦੱਸ ਦੇਈਏ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਨੂੰ ਗੱਲਬਾਤ ਲਈ ਦਫ਼ਤਰ ਬੁਲਾਇਆ ਸੀ।
ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੋਸਟ ‘ਚ ਸ਼ਰਾਬ ਨੀਤੀ ਮਾਮਲੇ ‘ਚ ਈਡੀ ਵੱਲੋਂ ਜਾਰੀ ਸੰਮਨ ਦਾ ਜਵਾਬ ਦਿੰਦੇ ਹੋਏ ਲਿਖਿਆ ਕਿ ਈਡੀ ਦਾ ਇਹ ਸੰਮਨ ਵੀ ਏਜੰਸੀ ਵੱਲੋਂ ਜਾਰੀ ਕੀਤੇ ਗਏ ਪਿਛਲੇ ਸੰਮਨਾਂ ਵਾਂਗ ਗੈਰ-ਕਾਨੂੰਨੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਇਹ ਸੰਮਨ ਵਾਪਸ ਲੈਣੇ ਚਾਹੀਦੇ ਹਨ ਕਿਉਂਕਿ ਇਹ ਰਾਜਨੀਤੀ ਤੋਂ ਪ੍ਰੇਰਿਤ ਹੈ। ਮੈਂ ਆਪਣਾ ਜੀਵਨ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਬਤੀਤ ਕੀਤਾ ਹੈ। ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਦਸੰਬਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਆਪਣੇ ਦਫ਼ਤਰ ਬੁਲਾਇਆ ਸੀ। ਇਸ ਤੋਂ ਪਹਿਲਾਂ 2 ਨਵੰਬਰ 2023 ਨੂੰ ਵੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਜਾਰੀ ਕੀਤਾ ਸੀ। ਪਹਿਲੇ ਸੰਮਨ ਦੌਰਾਨ ਪੇਸ਼ ਨਾ ਹੋਣ ਦਾ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪੰਜ ਰਾਜਾਂ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਣਾ ਦੱਸਿਆ ਗਿਆ ਹੈ। ਪਹਿਲੀ ਵਾਰ ਵੀ ਕੇਜਰੀਵਾਲ ਨੇ ਈਡੀ ਦੇ ਸੰਮਨ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ।
ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਆਪਣੇ 10 ਦਿਨਾਂ ਮੈਡੀਟੇਸ਼ਨ ਕੈਂਪ ਬਾਰੇ ਵੀ ਈਡੀ ਨੂੰ ਸੂਚਿਤ ਕੀਤਾ ਹੈ। ਕੇਜਰੀਵਾਲ ਬੁੱਧਵਾਰ ਸ਼ਾਮ ਨੂੰ ਆਦਮਪੁਰ ਹਵਾਈ ਅੱਡੇ ‘ਤੇ ਉਤਰੇ। ਜਿਸ ਤੋਂ ਬਾਅਦ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੈਲੀਕਾਪਟਰ ਰਾਹੀਂ ਹੁਸ਼ਿਆਰਪੁਰ ਲਈ ਰਵਾਨਾ ਹੋਏ। ਜਿੱਥੇ ਉਹ ਧਰਮਸ਼ਾਲਾ ਰੋਡ ‘ਤੇ ਜੇ.ਸੀ.ਟੀ.ਚੋਹਾਲ ਪਹੁੰਚੇ। ਜੰਗਲਾਤ ਵਿਭਾਗ ਦੇ ਰੈਸਟ ਹਾਊਸ ਵਿੱਚ ਸੀ.ਐਮ ਮਾਨ ਨਾਲ ਕੁਝ ਸਮਾਂ ਗੱਲਬਾਤ ਕੀਤੀ। ਸ਼ਾਮ ਕਰੀਬ 6 ਵਜੇ ਕੇਜਰੀਵਾਲ ਪਿੰਡ ਮਹਿਲਾਵਾਲੀ ਨੇੜੇ ਆਨੰਦਗੜ੍ਹ ਸਥਿਤ ਧਮਾ-ਧਜ ਵਿਪਾਸਨਾ ਯੋਗ ਕੇਂਦਰ ਗਏ। ਕੇਜਰੀਵਾਲ ਦੀ ਸੁਰੱਖਿਆ ਲਈ ਹੁਸ਼ਿਆਰਪੁਰ ‘ਚ 1000 ਪੁਲਸ ਮੁਲਾਜ਼ਮ ਡਿਊਟੀ ‘ਤੇ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 23 ਵਾਹਨਾਂ ਦਾ ਕਾਫਲਾ, ਇਕ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਕੇਜਰੀਵਾਲ ਦੇ ਨਾਲ ਸਨ।