ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਦੱਸਿਆ ਕਿ ਸਰਵ ਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਯਸ਼ਵੰਤ ਸਿਨ੍ਹਾ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਹੋਣਗੇ।
ਇਸ ਤੋਂ ਪਹਿਲਾਂ ਵਿਰੋਧੀ ਧਿਰ ਸਾਂਝੇ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਲਈ ਸੰਘਰਸ਼ ਕਰ ਰਹੀ ਸੀ ਕਿਉਂਕਿ ਤਿੰਨ ਸੰਭਾਵੀ ਉਮੀਦਵਾਰਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਜਿਨ੍ਹਾਂ ਤਿੰਨ ਨਾਵਾਂ ‘ਤੇ ਚਰਚਾ ਹੋਈ ਅਤੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਗਿਆ, ਉਨ੍ਹਾਂ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ, ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਅਤੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਸ਼ਾਮਲ ਹਨ। ਇਨ੍ਹਾਂ ਤਿੰਨਾਂ ਨੇਤਾਵਾਂ ਨੂੰ ਵਿਰੋਧੀ ਧਿਰ ਨੇ ਆਪਣਾ ਸਮਰਥਨ ਦਿੱਤਾ ਸੀ ਪਰ ਇਹ ਤਿੰਨੋਂ ਨੇਤਾ ਉਮੀਦਵਾਰੀ ਲਈ ਸਹਿਮਤ ਨਹੀਂ ਹੋਏ ਸਨ। ਇਸ ਦੇ ਬਾਅਦ ਤ੍ਰਿਣਮੂਲ ਕਾਂਗਰਸ ਦੇ ਨੇਤਾ ਯਸ਼ਵੰਤ ਸਿਨ੍ਹਾ ਦਾ ਨਾਂ ਰਾਸ਼ਟਰਪਤੀ ਉਮੀਦਵਾਰ ਵਜੋਂ ਸਾਹਮਣੇ ਆਇਆ।
ਇਸ ਦਰਮਿਆਨ ਸਿਨ੍ਹਾ ਨੇ ਪਾਰਟੀ ਉਪ ਪ੍ਰਧਾਨ ਅਹੁਦੇ ਤੋਂ ਆਪਣਾ ਅਸਤੀਫਾ ਮਮਤਾ ਬੈਨਰਜੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਚੋਣ ‘ਤੇ ਅਜੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।
ਦੂਜੇ ਪਾਸੇ ਭਾਜਪਾ ਵੀ ਅੱਜ ਸੰਸਦੀ ਬੋਰਡ ਦੀ ਬੈਠਕ ਕਰਨ ਵਾਲੀ ਹੈ ਜਿਥੇ ਉਸ ਦੇ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੂਅਲੀ ਬੈਠਕ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 29 ਜੂਨ ਹੈ। ਵੋਟਾਂ 18 ਜੁਲਾਈ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।