Corona victim from Sangrur : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਸੰਗਰੂਰ ਜ਼ਿਲੇ ਤੋਂ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 59 ਸਾਲਾ ਵਿਅਕਤੀ ਨੇ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਇਲਾਜ ਦੌਰਾਨ ਦਮ ਤੋੜ ਦਿੱਤਾ। ਦੱਸਣਯੋਗ ਹੈ ਕਿ ਇਸ ਵਿਅਕਤੀ ਦਾ ਇਲਾਜ ਲੁਧਿਆਣਾ ਦੇ ਹਸਪਤਾਲ ਵਿਚ ਚੱਲ ਰਿਹਾ ਸੀ। ਇਸ ਦੇ ਨਾਲ ਹੀ ਸੰਗਰੂਰ ਜ਼ਿਲੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 188 ਹੈ। ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ 651 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਦੱਸਣਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਭਾਰੀ ਵਾਧਾ ਹੋ ਰਿਹਾ ਹੈ। ਜਾਰੀ ਅੰਕੜਿਆਂ ਮੁਤਾਬਕ ਬੀਤੇ ਦਿਨ ਸ਼ਾਮ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ 9 ਮੌਤਾਂ ਦਰਜ ਕੀਤੀਆਂ ਗਈਆਂ, ਉਥੇ ਹੀ 500 ਤੋਂ ਵੱਧ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਹੁਣ ਤੱਕ ਸੂਬੇ ਵਿਚ ਕੋਰੋਨਾ ਨਾਲ 282 ਮੌਤਾਂ ਹੋ ਚੁੱਕੀਆਂ ਹਨ। ਸੂਬੇ ਵਿਚ ਪਾਜ਼ੀਟਿਵ ਕੇਸਾਂ ਦਾ ਕੁਲ ਅੰਕੜਾ ਵੀ 11800 ਤੋਂ ਪਾਰ ਕਰ ਚੁੱਕਾ ਹੈ। ਦੱਸ ਦੇਈਏ ਕਿ ਹੁਣ ਤਕ 7741 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ 3724 ਤੋਂ ਵੱਧ ਮਾਮਲੇ ਅਜੇ ਸਰਗਰਮ ਹਨ, ਜੋਕਿ ਇਲਾਜ ਅਧੀਨ ਹਨ।