India records 1.15 lakh new cases: ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ । ਮੰਗਲਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1.15 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜੋ ਕਿ ਇੱਕ ਦਿਨ ਦੀ ਸਭ ਤੋਂ ਵੱਧ ਗਿਣਤੀ ਹੈ । ਇਸ ਵਿਚਾਲੇ ਕੇਂਦਰ ਸਰਕਾਰ ਨੇ ਚੇਤਾਵਨੀ ਦਿੱਤੀ ਕਿ ਅਗਲੇ ਚਾਰ ਹਫ਼ਤੇ “ਬਹੁਤ ਮਹੱਤਵਪੂਰਨ” ਹਨ ਅਤੇ ਲੋਕਾਂ ਨੂੰ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ । ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਲੋਕਾਂ ਨੇ ਮਾਸਕ ਲਗਾਉਣ ਵਰਗੀ ਸਾਵਧਾਨੀ ਨੂੰ ਖਤਮ ਕਰ ਦਿੱਤਾ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਸੰਕਰਮਣ ਦੇ 1.15 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜੋ ਕਿ ਭਾਰਤ ਵਿੱਚ ਜਨਵਰੀ 2020 ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰੋਜ਼ਾਨਾ ਸਾਹਮਣੇ ਆਏ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ।
ਦਰਅਸਲ, ਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਦੂਜੀ ਵਾਰ ਕੋਰੋਨਾ ਦੇ ਇੱਕ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ । ਗੌਰਤਲਬ ਹੈ ਕਿ ਐਤਵਾਰ ਨੂੰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਸੰਕਰਮਣ ਦੇ 1,03,558 ਨਵੇਂ ਕੇਸ ਸਾਹਮਣੇ ਆਏ ਸਨ। ਕੇਂਦਰ ਸਰਕਾਰ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ-19 ਮਹਾਂਮਾਰੀ ਪਿਛਲੇ ਸਾਲ ਨਾਲੋਂ ਇਸ ਸਾਲ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਲੋਕਾਂ ਨੂੰ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਦੇ ਦੋ ਉੱਚ ਅਧਿਕਾਰੀਆਂ ਨੇ ਮੰਗਲਵਾਰ ਰਾਤ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਹ ਹੋ ਸਕਦਾ ਹੈ ਕਿ ਇੱਕ ਦਿਨ ਵਿੱਚ ਦੇਸ਼ ਵਿੱਚ ਲਾਗ ਦੇ ਇੱਕ ਲੱਖ ਤੋਂ ਵੱਧ ਨਵੇਂ ਕੇਸ ਵਾਪਸ ਆ ਜਾਣ ਅਤੇ ਇਹ ਗਿਣਤੀ ਪਿਛਲੀ ਵਾਰ ਨਾਲੋਂ ਵਧੇਰੇ ਹੋ ਸਕਦੀ ਹੈ।
ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੋਰਨਾਂ ਰਾਜਾਂ ਦੇ ਨਾਲ-ਨਾਲ ਦਿੱਲੀ ਵਿੱਚ ਵੀ ਰਾਤ ਦਾ ਕਰਫਿਊ ਲਗਾਇਆ ਗਿਆ ਹੈ, ਜੋ 30 ਅਪ੍ਰੈਲ ਤੱਕ ਲਾਗੂ ਰਹੇਗਾ। ਕੋਵਿਡ -19 ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਟੀਕਾਕਰਨ ਲਈ ਉਮਰ ਹੱਦ ਵਿੱਚ ਢਿੱਲ ਦੇਣ ਨੂੰ ਲੈ ਕੇ ਵੱਖ-ਵੱਖ ਥਾਵਾਂ ਤੋਂ ਕੀਤੀ ਜਾ ਰਹੀ ਮੰਗ ਦੇ ਵਿਚਕਾਰ ਕੇਂਦਰ ਨੇ ਕਿਹਾ ਕਿ ਟੀਚਾ ਸਭ ਤੋਂ ਵੱਧ ਜੋਖਮ ਵਾਲੇ ਲੋਕਾਂ ਨੂੰ ਸੁਰੱਖਿਅਤ ਕਰਨਾ ਹੈ।