India reports 4.12 lakh covid cases: ਦੇਸ਼ ਵਿੱਚ ਕੋਰੋਨਾ ਦਾ ਕਹਿਰ ਤਬਾਹੀ ਮਚਾ ਰਿਹਾ ਹੈ। ਜਿਸਦੇ ਮੱਦੇਨਜ਼ਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਦਰਜ ਹੋਏ ਕੋਰੋਨਾ ਕੇਸਾਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 4,12,618 ਨਵੇਂ ਕੇਸ ਦਰਜ ਕੀਤੇ ਗਏ । ਇਹ ਦੂਜੀ ਵਾਰ ਹੈ ਜਦੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲੇ 4 ਲੱਖ ਨੂੰ ਪਾਰ ਕਰ ਚੁੱਕੇ ਹਨ । ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ ਦੇਸ਼ ਵਿੱਚ ਕੋਰੋਨਾ ਦੇ 4,02,351 ਨਵੇਂ ਕੇਸ ਸਾਹਮਣੇ ਆਏ ਸਨ । ਉੱਥੇ ਹੀ ਕੋਰੋਨਾ ਕਾਰਨ ਹੋਈਆਂ ਮੌਤਾਂ ਨੇ ਵੀ ਇੱਕ ਨਵਾਂ ਰਿਕਾਰਡ ਕਾਇਮ ਕੀਤਾ। ਪਿਛਲੇ 24 ਘੰਟਿਆਂ ਵਿੱਚ 3,980 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਇੱਕ ਦਿਨ ਵਿੱਚ ਪਹਿਲੀ ਵਾਰ ਕੋਰੋਨਾ ਕਾਰਨ ਇੰਨੇ ਮਰੀਜ਼ਾਂ ਦੀ ਮੌਤ ਹੋਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ 12 ਰਾਜਾਂ ਵਿੱਚ ਇੱਕ ਲੱਖ ਤੋਂ ਵੱਧ, 7 ਰਾਜਾਂ ਵਿੱਚ 50 ਹਜ਼ਾਰ ਤੋਂ ਇੱਕ ਲੱਖ ਅਤੇ 17 ਰਾਜਾਂ ਵਿੱਚ 50 ਹਜ਼ਾਰ ਤੋਂ ਘੱਟ ਐਕਟਿਵ ਕੇਸ ਹਨ । 24 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 15 ਪ੍ਰਤੀਸ਼ਤ ਤੋਂ ਵੱਧ ਸਕਾਰਾਤਮਕ ਦਰ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਕੇਸ ਹਰ ਦਿਨ 2.4 ਪ੍ਰਤੀਸ਼ਤ ਦੀ ਦਰ ਨਾਲ ਵੱਧ ਰਹੇ ਹਨ।
ਦਰਅਸਲ, ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਮਹਾਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਬੀਤੇ ਦਿਨ ਕੋਰੋਨਾ ਦੇ 57 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ । ਇਸ ਦੇ ਨਾਲ ਹੀ 920 ਲੋਕਾਂ ਦੀਆਂ ਆਪਣੀਆਂ ਜਾਨਾਂ ਗਈਆਂ ਹਨ। ਸਭ ਤੋਂ ਮਾੜੇ ਹਾਲਾਤ ਮੁੰਬਈ ਦੇ ਹਨ, ਜਿੱਥੇ 3879 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 77 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਨਾਗਪੁਰ ਵਿੱਚਵੀ ਮੌਤ ਦੀ ਰਫਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ, ਜਿੱਥੇ 24 ਘੰਟਿਆਂ ਵਿੱਚ 82 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ 20960 ਮਾਮਲੇ ਸਾਹਮਣੇ ਆਏ ਹਨ, ਜਦਕਿ 311 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਵਿੱਚ ਲਾਗ ਦੀ ਦਰ 26 ਪ੍ਰਤੀਸ਼ਤ ਤੋਂ ਵੱਧ ਹੈ। ਦਿੱਲੀ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 18 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।