India reports 86432 cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਸ਼ਨੀਵਾਰ ਨੂੰ 40 ਲੱਖ ਨੂੰ ਪਾਰ ਕਰ ਗਿਆ। ਇੱਕ ਦਿਨ ਵਿੱਚ ਭਾਰਤ ਵਿੱਚ ਦੁਨੀਆ ਭਰ ਵਿੱਚੋਂ ਸਭ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਦੇ ਅੰਦਰ ਕੋਰੋਨਾ ਦੇ ਰਿਕਾਰਡ 86 ਹਜ਼ਾਰ 432 ਨਵੇਂ ਮਰੀਜ਼ ਮਿਲੇ ਹਨ। ਇਸ ਤੋਂ ਪਹਿਲਾਂ 29 ਅਗਸਤ ਨੂੰ ਸਭ ਤੋਂ ਵੱਧ 78 ਹਜ਼ਾਰ 479 ਮਰੀਜ਼ ਪਾਏ ਗਏ ਸਨ। ਸ਼ਨੀਵਾਰ ਨੂੰ 1089 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 40 ਲੱਖ 23 ਹਜ਼ਾਰ 179 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।
ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 8 ਲੱਖ 46 ਹਜ਼ਾਰ 395 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 69 ਹਜ਼ਾਰ 561 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 31 ਲੱਖ 7 ਹਜ਼ਾਰ 223 ਵਿਅਕਤੀ ਠੀਕ ਹੋ ਚੁੱਕੇ ਹਨ। ਅਮਰੀਕਾ-ਬ੍ਰਾਜ਼ੀਲ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਭਾਰਤ ਨਾਲੋਂ ਹਰ ਰੋਜ਼ ਬਹੁਤ ਘੱਟ ਵਧ ਰਹੇ ਹਨ, ਪਰ ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਵਿਸ਼ਵ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਅਮਰੀਕਾ-ਬ੍ਰਾਜ਼ੀਲ ਵਿੱਚ ਇੱਕ ਕਰੋੜ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ
ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 8 ਲੱਖ ਨੂੰ ਪਾਰ ਕਰ ਗਿਆ ਹੈ। ਸ਼ੁੱਕਰਵਾਰ ਨੂੰ 19 ਹਜ਼ਾਰ 218 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 8 ਲੱਖ 63 ਹਜ਼ਾਰ 062 ਹੋ ਚੁੱਕਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 25 ਹਜ਼ਾਰ 964 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 72.5% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ ਵੱਧ ਤੋਂ ਵੱਧ 2914 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 1,85,220 ਹੋ ਗਿਆ ਹੈ। ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,513 ਹੋ ਗਈ ਹੈ । ਨਵੇਂ ਕੇਸ ਸਾਹਮਣੇ ਆਉਣ ਅਤੇ ਕੋਰੋਨਾ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਰਕਾਰ ਨੇ ਇੱਕ ਵਾਰ ਫਿਰ ਸੀਰੋ-ਪ੍ਰਸਾਰ ਸਰਵੇਖਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 4 ਕਰੋੜ 77 ਲੱਖ 38 ਹਜ਼ਾਰ 491 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ 10 ਲੱਖ 59 ਹਜ਼ਾਰ 346 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।
ਦੱਸ ਦੇਈਏ ਕਿ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਮੌਤ ਦਰ ਅਤੇ ਐਕਟਿਵ ਕੇਸ ਰੇਟ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦਰ ਘਟ ਕੇ 1.75% ਹੋ ਗਈ ਹੈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 21% ਰਹਿ ਗਈ ਹੈ। ਇਸ ਨਾਲ ਰਿਕਵਰੀ ਰੇਟ 77% ਹੋ ਗਿਆ ਹੈ।