India reports 92605 New Infections: ਨਵੀਂ ਦਿੱਲੀ: ਦੇਸ਼ ਵਿੱਚ ਜਿਵੇਂ-ਜਿਵੇਂ ਕੋਰੋਨਾ ਫੈਲ ਰਿਹਾ ਹੈ, ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਹਨ। ਹੁਣ, ਦੇਸ਼ ਭਰ ਵਿੱਚ ਕੋਰੋਨਾ ਕੇਸਾਂ ਦਾ ਅੰਕੜਾ 54 ਲੱਖ ਨੂੰ ਪਾਰ ਕਰ ਗਿਆ ਹੈ। ਇਸ ਦਾ ਜ਼ਿਆਦਾਤਰ ਸੰਕਟ ਸਿਹਤ ਸੇਵਾਵਾਂ ‘ਤੇ ਦਿਖਣਾ ਸ਼ੁਰੂ ਹੋ ਗਿਆ ਹੈ। ਬਹੁਤ ਸਾਰੇ ਸ਼ਹਿਰਾਂ ਵਿੱਚ ਆਕਸੀਜਨ ਦੀ ਸਪਲਾਈ ਦੀ ਘਾਟ ਹੋ ਗਈ ਹੈ ਤੇ ਕੁਝ ਥਾਵਾਂ ‘ਤੇ ਬੈੱਡਾਂ ਦੀ ਘਾਟ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਆਪਣਾ ਗੰਭੀਰ ਅਸਰ ਦਿਖਾ ਰਿਹਾ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਹਜ਼ਾਰ 605 ਨਵੇਂ ਮਰੀਜ਼ ਮਿਲੇ ਹਨ, ਜਦਕਿ 1133 ਮਰੀਜ਼ਾਂ ਦੀ ਮੌਤ ਹੋ ਗਈ । ਹੁਣ ਤੱਕ 54 ਲੱਖ 620 ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 10 ਲੱਖ 10 ਹਜ਼ਾਰ 824 ਐਕਟਿਵ ਕੇਸ ਹਨ। ਕੋਰੋਨਾ ਤੋਂ ਹੁਣ ਤੱਕ 86 ਹਜ਼ਾਰ 752 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦੀ ਲਾਗ ਤੋਂ ਹੁਣ ਤੱਕ 43 ਲੱਖ 03 ਹਜ਼ਾਰ 044 ਵਿਅਕਤੀ ਠੀਕ ਹੋ ਚੁੱਕੇ ਹਨ।
ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 11 ਲੱਖ ਦੇ ਪਾਰ ਪਹੁੰਚ ਗਿਆ ਹੈ । ਸ਼ਨੀਵਾਰ ਨੂੰ ਇੱਥੇ 20 ਹਜ਼ਾਰ 519 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਰਾਜ ਵਿੱਚ ਮਰੀਜ਼ਾਂ ਦਾ ਅੰਕੜਾ 11 ਲੱਖ 88 ਹਜ਼ਾਰ 015 ਹੋ ਗਿਆ ਹੈ । ਇੱਥੇ ਹੁਣ ਤੱਕ ਕੋਰੋਨਾ ਨਾਲ 32 ਹਜ਼ਾਰ 216 ਲੋਕਾਂ ਦੀ ਮੌਤ ਹੋ ਚੁੱਕੀ ਹੈ । ਚੰਗੀ ਗੱਲ ਇਹ ਹੈ ਕਿ ਰਾਜ ਵਿੱਚ ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ। ਇੱਥੇ ਹੁਣ ਰਿਕਵਰੀ ਰੇਟ 72.2% ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਰਿਕਾਰਡ 4071 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 2,42,899 ਹੋ ਗਿਆ ਹੈ। ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4945 ਹੋ ਗਈ ਹੈ ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਨੁਸਾਰ ਦੇਸ਼ ਵਿੱਚ ਹੁਣ ਤੱਕ 6 ਕਰੋੜ 36 ਲੱਖ 61 ਹਜ਼ਾਰ 060 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਯਾਨੀ ਕਿ ਸ਼ਨੀਵਾਰ ਨੂੰ 12 ਲੱਖ 06 ਹਜ਼ਾਰ 806 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਤੋਂ ਘੱਟ ਹੈ। ICMR ਅਨੁਸਾਰ ਕੋਰੋਨਾ ਵਾਇਰਸ ਦੇ 54% ਕੇਸ 18 ਸਾਲ ਤੋਂ ਲੈ ਕੇ 44 ਸਾਲ ਦੀ ਉਮਰ ਦੇ ਹਨ, ਪਰ ਕੋਰੋਨਾ ਵਾਇਰਸ ਦੀਆਂ 51% ਮੌਤਾਂ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਹੋਈਆਂ ਹਨ।