India reports 96982 new Covid cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਰ ਕੋਰੋਨਾ ਦੀ ਲਾਗ ਦੀ ਰਫ਼ਤਾਰ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ ਵਿੱਚ ਹੁਣ ਤੱਕ 8 ਕਰੋੜ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ । ਇਸ ਦੇ ਬਾਵਜੂਦ ਦੁਨੀਆ ਵਿੱਚ ਹਰ ਦਿਨ ਸਭ ਤੋਂ ਵੱਧ ਕੇਸ ਭਾਰਤ ਵਿੱਚ ਦਰਜ ਕੀਤੇ ਜਾ ਰਹੇ ਹਨ । ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 96,982 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 446 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹਾਲਾਂਕਿ, 50,143 ਵਿਅਕਤੀ ਵੀ ਕੋਰੋਨਾ ਤੋਂ ਠੀਕ ਹੋਏ ਹਨ।
ਇੱਕ ਸਮਾਂ ਅਜਿਹਾ ਸੀ ਜਦੋਂ ਦੇਸ਼ ਵਿੱਚ ਕੋਰੋਨਾ ਇਨਫੈਕਸ਼ਨਾਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਸੀ। ਇਸ ਸਾਲ 1 ਫਰਵਰੀ ਨੂੰ, 8,635 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਸਨ। ਇੱਕ ਦਿਨ ਵਿੱਚ ਕੋਰੋਨਾ ਦੇ ਇਹ ਕੇਸ ਇਸ ਸਾਲ ਸਭ ਤੋਂ ਘੱਟ ਸਨ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਲਈ ਕੁੱਲ 25 ਕਰੋੜ 2 ਲੱਖ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਕੱਲ੍ਹ 12 ਲੱਖ ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।
ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਵੱਲੋਂ ਰਾਤ ਦੇ ਸਮੇਂ ਕਰਫਿਊ ਲਗਾਉਣ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਰਾਤ ਦੇ ਸਮੇਂ ਕਰਫਿਊ ਲਾਉਣ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾ ਰਿਹਾ ਹੈ । ਇਸ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਨੂੰ ਲਾਗ ਦੀ ਚੌਥੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਲਾਕਡਾਊਨ ਲਾਉਣ ਦਾ ਕੋਈ ਵਿਚਾਰ ਨਹੀਂ ਹੈ।
ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਸੋਮਵਾਰ ਰਾਤ ਤੋਂ ਲਾਗੂ ਲਾਕਡਾਊਨ ਦੇ ਦਾਇਰੇ ਤੋਂ ਪੈਟਰੋਲ ਪੰਪ, ਸਰਕਾਰੀ ਅਤੇ ਨਿੱਜੀ ਸੁਰੱਖਿਆ ਸੇਵਾਵਾਂ ਅਤੇ ਫਲ ਵਿਕ੍ਰੇਤਾ ਨੂੰ ਵੀ ਕੜੀਆਂ ਪਾਬੰਦੀਆਂ ਦੇ ਦਾਇਰੇ ਤੋਂ ਬਾਹਰ ਰੱਖਦੇ ਹੋਏ ਜ਼ਰੂਰੀ ਸੇਵਾਵਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਹ ਛੋਟ ਸੋਧੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੱਤੀ ਗਈ ਹੈ।