India Reports Over 50000 Cases: ਦੇਸ਼ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਸੰਕ੍ਰਮਣ ਦੇ ਨਵੇਂ ਮਾਮਲਿਆਂ ਵਿੱਚ ਕਮੀ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇਸੇ ਵਿਚਾਲੇ ਭਾਰਤ ਵਿੱਚ ਕੋਰੋਨਾ ਵਾਇਰਸ ਤੋਂ ਠੀਕ ਹੋ ਰਹੇ ਲੋਕਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 76 ਲੱਖ ਨੂੰ ਪਾਰ ਕਰ ਗਈ ਹੈ । ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 54 ਹਜਾਰ 044 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 76 ਲੱਖ 51 ਹਜ਼ਾਰ 108 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 717 ਮਰੀਜ਼ਾਂ ਦੀ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 1 ਲੱਖ 15 ਹਜ਼ਾਰ 914 ‘ਤੇ ਪਹੁੰਚ ਗਿਆ ਹੈ । ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 67 ਲੱਖ 95 ਹਜ਼ਾਰ 103 ਮਰੀਜ਼ ਠੀਕ ਹੋ ਚੁੱਕੇ ਹਨ । ਉੱਥੇ ਹੀ, 7 ਲੱਖ 40 ਹਜ਼ਾਰ 090 ਮਰੀਜ਼ ਅਜੇ ਵੀ ਇਲਾਜ ਅਧੀਨ ਹਨ ।
ਇੰਡੀਅਨ ਕੌਂਸਲ ਫਾਰ ਮੈਡੀਕਲ ਰਿਸਰਚ (ICMR) ਦੇ ਅਨੁਸਾਰ 20 ਅਕਤੂਬਰ ਤੱਕ ਦੇਸ਼ ਵਿੱਚ 9.72 ਕਰੋੜ ਤੋਂ ਵੱਧ ਦੇ ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਇਸ ਮਿਆਦ ਦੇ ਦੌਰਾਨ 61,775 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਉੱਥੇ ਹੀ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 7,40,090 ਕਿਰਿਆਸ਼ੀਲ ਕੇਸ ਹਨ।
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਮੰਗਲਵਾਰ ਨੂੰ ਕੋਰੋਨਾ ਦੇ 8151 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਇੱਥੇ ਮਰੀਜ਼ਾਂ ਦੀ ਕੁੱਲ ਗਿਣਤੀ 16,09,516 ਹੋ ਗਈ ਹੈ ਅਤੇ 213 ਮਰੀਜ਼ਾਂ ਦੀ ਮੌਤ ਹੋ ਗਈ ਹੈ । ਹੁਣ ਤੱਕ 42 ਹਜ਼ਾਰ 453 ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ । ਉੱਥੇ ਹੀ ਦੂਜੇ ਪਾਸੇ ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 3579 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸਦੇ ਨਾਲ, ਸੰਕਰਮਿਤ ਦੀ ਕੁੱਲ ਸੰਖਿਆ 3,36,750 ‘ਤੇ ਪਹੁੰਚ ਗਈ ਹੈ।