Second wave of coronavirus: ਇਜ਼ਰਾਈਲ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਦੁਬਾਰਾ ਰਾਸ਼ਟਰੀ ਤਾਲਾਬੰਦੀ ਲਾਗੂ ਕਰ ਦਿੱਤੀ ਹੈ । ਤਿੰਨ ਹਫ਼ਤਿਆਂ ਤੱਕ ਲੋਕਾਂ ‘ਤੇ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਲੋਕ ਆਪਣੇ ਘਰਾਂ ਤੋਂ ਇੱਕ ਕਿਲੋਮੀਟਰ ਦੂਰ ਨਹੀਂ ਜਾ ਸਕਦੇ। ਇਜ਼ਰਾਈਲ ਦੁਬਾਰਾ ਰਾਸ਼ਟਰੀ ਤਾਲਾਬੰਦੀ ਨੂੰ ਲਾਗੂ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਹੈ । ਪਰ ਬਹੁਤ ਸਾਰੇ ਹੋਰ ਦੇਸ਼ ਵੀ ਕੋਰੋਨਾ ਦੀ ਦੂਜੀ ਲਹਿਰ ਦੇ ਖਤਰੇ ਦਾ ਸਾਹਮਣਾ ਕਰ ਰਹੇ ਹਨ।
ਇਸ ਬਾਰੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਹੈ ਕਿ ਬ੍ਰਿਟੇਨ ਵਿੱਚ ਕੋਰੋਨਾ ਦੀ ਦੂਜੀ ਲਹਿਰ ਆਉਂਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਛੇ ਮਹੀਨਿਆਂ ਲਈ ਪਾਬੰਦੀਆਂ ਲਗਾਉਣ ਦੀ ਲੋੜ ਜ਼ਾਹਿਰ ਕੀਤੀ ਹੈ । ਬੋਰਿਸ ਜੌਨਸਨ ਦਾ ਕਹਿਣਾ ਹੈ ਕਿ ਬ੍ਰਿਟੇਨ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਸਪੇਨ ਅਤੇ ਫਰਾਂਸ ਤੋਂ 6 ਹਫ਼ਤੇ ਪਿੱਛੇ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੈ ਕਿ ਬ੍ਰਿਟੇਨ ਵਿੱਚ ਦੂਸਰੀ ਲਹਿਰ ਆਵੇਗੀ।
ਉੱਥੇ ਹੀ ਵਿਸ਼ਵ ਸਿਹਤ ਸੰਗਠਨ ਨੇ ਯੂਰਪ ਵਿੱਚ ਕੋਰੋਨਾ ਦੀ ਦੂਜੀ ਲਹਿਰ ਬਾਰੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ ਹਨ । WHO ਦਾ ਕਹਿਣਾ ਹੈ ਕਿ ਯੂਰਪ ਵਿੱਚ ਕੋਰੋਨਾ ਦੇ ਮਾਮਲੇ ਚਿੰਤਾਜਨਕ ਰੂਪ ਵਿੱਚ ਵੱਧ ਰਹੇ ਹਨ। WHO ਦੇ ਖੇਤਰੀ ਨਿਰਦੇਸ਼ਕ ਹੰਸ ਕਲੂਜ ਨੇ ਕਿਹਾ ਕਿ ਕੇਸ਼ਾਂ ਦੇ ਵੱਧਣ ਨੂੰ ਇੱਕ ਚੇਤਾਵਨੀ ਵਜੋਂ ਲਿਆ ਜਾਣਾ ਚਾਹੀਦਾ ਹੈ ਕਿ ਅੱਗੇ ਕੀ ਹੋਵੇਗਾ। ਹੰਸ ਕਲੂਜ ਨੇ ਇਹ ਵੀ ਕਿਹਾ ਕਿ ਹਫ਼ਤੇ ਵਿੱਚ ਆਉਣ ਵਾਲੇ ਮਾਮਲਿਆਂ ਦੀ ਗਿਣਤੀ ਉਸ ਸਮੇਂ ਵੱਧ ਗਈ ਜਦੋਂ ਮਾਰਚ ਵਿੱਚ ਯੂਰਪ ਵਿੱਚ ਕੋਰੋਨਾ ਵਾਇਰਸ ਆਪਣੇ ਸਿਖਰ ‘ਤੇ ਸੀ। ਯੂਰਪੀਅਨ ਖੇਤਰ ਵਿੱਚ ਇੱਕ ਹਫ਼ਤੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ।
ਦੱਸ ਦੇਈਏ ਕਿ ਯੂਰਪ ਦੇ ਅੱਧੇ ਦੇਸ਼ਾਂ ਨੇ ਆਪਣੇ ਪਿਛਲੇ ਦੋ ਹਫ਼ਤਿਆਂ ਵਿੱਚ ਨਵੇਂ ਕੇਸਾਂ ਵਿੱਚ 10 ਪ੍ਰਤੀਸ਼ਤ ਤੋਂ ਵੱਧ ਵਾਧਾ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ 7 ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਕੇਸ ਦੁੱਗਣੇ ਹੋ ਗਏ ਹਨ। ਜ਼ਿਕਰਯੋਗ ਹੈ ਕਿ ਦੁਨੀਆ ਵਿੱਚ ਕੋਰੋਨਾ ਕੇਸਾਂ ਦੀ ਕੁੱਲ ਗਿਣਤੀ 3 ਕਰੋੜ 69 ਲੱਖ ਤੋਂ ਪਾਰ ਹੋ ਗਈ ਹੈ, ਜਦਕਿ 9 ਲੱਖ 56 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।