ਕੇਂਦਰ ਸਰਕਾਰ ਵੱਲੋਂ ਬੀਤੇ ਦਿਨ ਕੋਵਿਡ-19 ਮਹਾਂਮਾਰੀ ਵਿਚਾਲੇ CBSE ਦੀਆਂ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ।
ਇਸ ਸਬੰਧੀ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਜ ਬੋਰਡ ਵੱਲੋਂ ਕਰਵਾਈ ਗਈ 12ਵੀਂ ਜਮਾਤ ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ।
ਇਸ ਬਾਰੇ ਸਿੱਖਿਆ ਮੰਤਰੀ ਕੰਵਰਪਾਲ ਨੇ ਕਿਹਾ, “ਅਸੀਂ ਵੀ ਹਰਿਆਣਾ ਬੋਰਡ ਆਫ਼ ਸਕੂਲ ਐਜੂਕੇਸ਼ਨ ਵੱਲੋਂ ਆਯੋਜਿਤ ਕੀਤੀ ਜਾਣ ਵਾਲੀ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਵੀ ਕੀਤਾ ਹੈ।”
ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਵੱਲੋਂ ਲਏ ਗਏ ਫੈਸਲੇ ਨਾਲ ਚੱਲ ਰਹੇ ਹਾਂ ਅਤੇ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਜ ਬੋਰਡ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਇਕੱਠਾ ਕਰਨ ਲਈ ਕਦਮ ਚੁੱਕੇਗਾ ਅਤੇ ਇਸ ਦੇ ਲਈ ਤੌਰ-ਤਰੀਕੇ ਜਲਦੀ ਹੀ ਤਿਆਰ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ CBSE ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਬੈਠਕ ਵਿੱਚ ਲਿਆ ਗਿਆ ਸੀ । ਇਸ ਬਾਰੇ ਪੀਐਮ ਮੋਦੀ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ।
ਇਹ ਵੀ ਪੜ੍ਹੋ: ਚੀਨ ਦੀ ਕੋਰੋਨਾ ਵੈਕਸੀਨ Sinovac ਨੂੰ WHO ਨੇ ਐਮਰਜੈਂਸੀ ਵਰਤੋਂ ਲਈ ਦਿੱਤੀ ਮਨਜ਼ੂਰੀ
ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ, “ਭਾਰਤ ਸਰਕਾਰ ਨੇ ਬਾਰ੍ਹਵੀਂ ਜਮਾਤ ਦੀ ਸੀਬੀਐਸਈ ਬੋਰਡ ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ । ਵਿਆਪਕ ਵਿਚਾਰ ਵਟਾਂਦਰੇ ਤੋਂ ਬਾਅਦ ਅਸੀਂ ਇੱਕ ਫੈਸਲਾ ਲਿਆ ਹੈ ਜੋ ਵਿਦਿਆਰਥੀ-ਪੱਖੀ ਹੈ, ਜੋ ਸਾਡੇ ਨੌਜਵਾਨਾਂ ਦੀ ਸਿਹਤ ਦੇ ਨਾਲ-ਨਾਲ ਮਿਲ ਕੇ ਭਵਿੱਖ ਦੀ ਰੱਖਿਆ ਕਰਦਾ ਹੈ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਅਪ੍ਰੈਲ ਨੂੰ ਹਰਿਆਣਾ ਸਰਕਾਰ ਨੇ ਰਾਜ ਬੋਰਡ ਦੁਆਰਾ ਕਰਵਾਈ ਜਾਣ ਵਾਲੀਆਂ 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਸਨ. .ਇਸ ਤੋਂ ਬਾਅਦ 12ਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਸੀ । ਜਿਸ ਤੋਂ ਬਾਅਦ ਹੁਣ 12ਵੀਂ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ।