ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਕਾਰਵਾਈ ਕਰਦੇ ਹੋਏ SDM-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਮੁਲਾਜ਼ਮ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਦੋਸ਼ੀ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ।
ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਮੇਰੇ ਤੋਂ ਮੰਗੇ ਜਾ ਰਹੇ ਦਸਤਾਵੇਜ- ਮੂਸੇਵਾਲਾ ਦੇ ਬਾਪੂ ਬਲਕੌਰ ਸਿੰਘ ਬੋਲੇ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: