ਲੋਕ ਸਭਾ ਚੋਣਾਂ 2024 ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਪਹਿਲੀ ਰਿਹਰਸਲ, ਜਿਨ੍ਹਾਂ ਦੀ ਚੋਣ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੀ.ਆਰ.ਓ./ਏ.ਪੀ.ਆਰ.ਓ/ਪੋਲਿੰਗ ਅਫ਼ਸਰ ਵਜੋਂ ਡਿਊਟੀ ਲਗਾਈ ਗਈ ਹੈ, ਮੌਕੇ ‘ਤੇ ਬਹੁਤ ਸਾਰੇ ਅਧਿਕਾਰੀ/ਕਰਮਚਾਰੀ ਹਾਜ਼ਰ ਨਹੀਂ ਹੋਏ ਜਿਸ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਅਤੇ ਅਨੁਸ਼ਾਸਨੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਸੁਣਨ ਦਾ ਆਖਰੀ ਮੌਕਾ ਦਿੱਤਾ ਹੈ।
ਵਧੀਕ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਨੇ ਇਸ ਸਬੰਧੀ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ ਤਾਂ ਜੋ ਅਜਿਹੇ ਕਰਮਚਾਰੀ ਆਪਣੀ ਗੈਰ-ਹਾਜ਼ਰੀ ਸਬੰਧੀ ਆਪਣਾ ਸਪੱਸ਼ਟੀਕਰਨ ਦੇ ਸਕਣ ਪਰ ਇਸ ਦੇ ਬਾਵਜੂਦ ਬਹੁਤ ਸਾਰੇ ਅਧਿਕਾਰੀ/ਕਰਮਚਾਰੀ ਨੋਟਿਸ ਦਾ ਜਵਾਬ/ਸਪਸ਼ਟੀਕਰਨ ਦੇਣ ਲਈ ਪੇਸ਼ ਨਹੀਂ ਹੋਏ। ਇਸ ਕਾਰਨ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ 13 ਮਈ ਨੂੰ ਸਵੇਰੇ 09:00 ਵਜੇ ਤੋਂ ਸ਼ਾਮ 5:00 ਵਜੇ ਤੱਕ ਗੁਰੂ ਨਾਨਕ ਦੇਵ ਆਡੀਟੋਰੀਅਮ, ਨੇੜੇ ਬੱਸ ਸਟੈਂਡ ਅੰਮ੍ਰਿਤਸਰ ਵਿਖੇ ਇੱਕ ਆਖਰੀ ਮੌਕਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਬੋਲੇ- ‘ਸਾਰੀਆਂ ਸੀਟਾਂ ਜਿਤਾਓ ਤਾਂਕਿ ਸੈਂਟਰ ਦੀਆਂ ਅੱਖਾਂ ਪੰਜਾਬ ਚ ਅੱਖਾਂ ਪਾ ਕੇ ਗੱਲ ਕਰ ਸਕੀਏ’
ਉਨ੍ਹਾਂ ਕਿਹਾ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਫਿਰ ਵੀ ਆਪਣੀ ਗੈਰ-ਹਾਜ਼ਰੀ ਬਾਰੇ ਸਪੱਸ਼ਟੀਕਰਨ ਦੇਣ ਲਈ ਨਿਰਧਾਰਤ ਮਿਤੀ/ਸਥਾਨ ‘ਤੇ ਨਹੀਂ ਪਹੁੰਚਦਾ ਤਾਂ ਸਮਝਿਆ ਜਾਵੇਗਾ ਕਿ ਉਹ ਆਪਣੀ ਗੈਰ-ਹਾਜ਼ਰੀ ਸਬੰਧੀ ਕੋਈ ਜਵਾਬ ਨਹੀਂ ਦੇਣਾ ਚਾਹੁੰਦਾ। ਇਸ ਦੇ ਆਧਾਰ ‘ਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਬੰਧਤ ਅਧਿਕਾਰੀ/ ਕਰਮਚਾਰੀ ਵਿਰੁੱਧ ਕਾਨੂੰਨ ਅਨੁਸਾਰ ਅਗਲੀ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨੋਟਿਸ ਦਾ ਜਵਾਬ ਜਾਂ ਸਪੱਸ਼ਟੀਕਰਨ ਦੇਣ ਲਈ ਆਏ ਅਧਿਕਾਰੀ/ਕਰਮਚਾਰੀ ਨੂੰ ਪਾਰਦਰਸ਼ੀ ਢੰਗ ਨਾਲ ਸੁਣਨ ਅਤੇ ਜਵਾਬ ਜਾਂ ਸਪਸ਼ਟੀਕਰਨ ਸਬੰਧੀ ਸਹੀ ਫੈਸਲਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸੋਨਮ ਆਈ.ਏ.ਐਸ. ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਬਾਅਦ ਕੋਈ ਸੁਣਵਾਈ ਨਹੀਂ ਹੋਵੇਗੀ ਸਗੋਂ ਉਸ ਵਿਭਾਗ ਦੇ ਮੁਲਾਜ਼ਮ ਅਤੇ ਜ਼ਿਲ੍ਹਾ ਮੁਖੀ ਖ਼ਿਲਾਫ਼ ਕਾਰਵਾਈ ਲਈ ਪੱਤਰ ਜਾਰੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: