deep sidhu funeral : ਪੰਜਾਬ ਦੇ ਅਦਾਕਾਰ ਅਤੇ ਸਮਾਜ ਸੇਵੀ ਦੀਪ ਸਿੱਧੂ ਦੀ ਮੰਗਲਵਾਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਤੋਂ ਬਾਅਦ ਦੀਪ ਸਿੱਧੂ ਦੀ ਲਾਸ਼ ਨੂੰ ਸੋਨੀਪਤ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਸੋਨੀਪਤ ਦੇ ਸਿਵਲ ਹਸਪਤਾਲ ‘ਚ ਦੀਪ ਸਿੱਧੂ ਦੀ ਲਾਸ਼ ਦਾ ਪੋਸਟਮਾਰਟਮ ਹੋ ਗਿਆ ਹੈ। ਦੀਪ ਸਿੱਧੂ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਲੁਧਿਆਣਾ ਵਿੱਚ ਕੀਤਾ ਜਾਵੇਗਾ।
ਪੁਲਿਸ ਨੇ ਦੀਪ ਸਿੱਧੂ ਦਾ ਪੋਸਟਮਾਰਟਮ ਕਰਵਾਉਣ ਦੀ ਸੂਚਨਾ ਦਿੱਤੀ। ਪੁਲਿਸ ਨੇ ਦੱਸਿਆ ਕਿ ਤਿੰਨ ਡਾਕਟਰਾਂ ਦੀ ਟੀਮ ਨੇ ਦੋ ਡੀਐਸਪੀਜ਼ ਦੀ ਮੌਜੂਦਗੀ ਵਿੱਚ ਪੋਸਟਮਾਰਟਮ ਕੀਤਾ। ਪੁਲੀਸ ਨੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਸੋਨੀਪਤ ਦੇ ਸਰਕਾਰੀ ਹਸਪਤਾਲ ‘ਚ ਵੱਡੀ ਗਿਣਤੀ ‘ਚ ਉਨ੍ਹਾਂ ਦੇ ਸਮਰਥਕ ਪੁੱਜੇ ਹੋਏ ਸਨ। ਸਮਰਥਕਾਂ ਅਤੇ ਰਿਸ਼ਤੇਦਾਰਾਂ ਨੇ ਐਂਬੂਲੈਂਸ ‘ਤੇ ਫੁੱਲਾਂ ਦੀ ਵਰਖਾ ਕੀਤੀ ਜਿਸ ਵਿਚ ਦੀਪ ਦੀ ਦੇਹ ਨੂੰ ਲਿਜਾਇਆ ਗਿਆ ਸੀ। ਇੰਨਾ ਹੀ ਨਹੀਂ ਰਿਸ਼ਤੇਦਾਰਾਂ ਤੇ ਸਮਰਥਕਾਂ ਨੇ ਦੀਪ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।
ਦੀਪ ਸਿੱਧੂ ਦੇ ਪਰਿਵਾਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਅਦਾਕਾਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਜਾਇਆ ਜਾ ਰਿਹਾ ਹੈ। ਦੀਪ ਸਿੱਧੂ ਦੇ ਪਰਿਵਾਰ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 5 ਵਜੇ ,ਥਰੀਕੇ ਪਿੰਡ ,ਲੁਧਿਆਣਾ ਵਿੱਚ ਹੀ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਦੀਪ ਸਿੱਧੂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਵਿੱਚ ਇੱਕ ਜਾਣਿਆ ਪਛਾਣਿਆ ਚਿਹਰਾ ਸੀ। ਦੀਪ ਸਿੱਧੂ ਨੂੰ 26 ਜਨਵਰੀ 2021 ਨੂੰ ਲਾਲ ਕਿਲੇ ਦੀ ਹਿੰਸਾ ਵਿੱਚ ਵੀ ਦੋਸ਼ੀ ਬਣਾਇਆ ਗਿਆ ਸੀ।