ਕਿਸਾਨਾਂ ਦੇ ਧਰਨੇ ਦੌਰਾਨ ਮਾਰੇ ਗਏ 21 ਸਾਲਾ ਸ਼ੁਭਕਰਨ ਸਿੰਘ ਗਰੀਬ ਪਰਿਵਾਰ ਤੋਂ ਸੀ। ਉਹ 8 ਦਿਨ ਪਹਿਲਾਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਲੋਕੇ ਤੋਂ ਦਿੱਲੀ ਚੱਲੋ ਮਾਰਚ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ ਸੀ। ਬੁੱਧਵਾਰ ਨੂੰ ਹਰਿਆਣਾ ‘ਚ ਦਾਖ਼ਲ ਹੋਣ ਵਾਲੀ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਕਾਰਵਾਈ ‘ਚ ਉਸ ਦੀ ਮੌਤ ਹੋ ਗਈ। ਸ਼ੁਭਕਰਨ ਸਿੰਘ ਦੀ ਮੌਤ ਕਿਸ ਕਾਰਨ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇੱਥੋਂ ਤੱਕ ਕਿ ਉਸ ਦੀ ਲਾਸ਼ ਦਾ ਪੋਸਟਮਾਰਟਮ ਵੀ ਨਹੀਂ ਕੀਤਾ ਗਿਆ ਕਿਉਂਕਿ ਕਿਸਾਨ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪਹਿਲਾਂ ਉਸ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
ਸ਼ੁਭਕਰਨ ਸਿੰਘ ਬਠਿੰਡਾ ਦੇ ਪਿੰਡ ਬੱਲੋ ਦੇ ਰਹਿਣ ਵਾਲੇ ਚਰਨਜੀਤ ਸਿੰਘ ਦਾ ਮੁੰਡਾ ਸੀ। ਉਹ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਹੈ। ਉਸ ਦੀ ਮਾਤਾ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਤੋਂ ਬਾਅਦ ਦਾਦੀ ਸੁਖਜੀਤ ਕੌਰ ਨੇ ਤਿੰਨਾਂ ਭੈਣਾਂ-ਭਰਾਵਾਂ ਨੂੰ ਪਾਲਿਆ। ਸ਼ੁਭਕਰਨ ਦੀ ਵੱਡੀ ਭੈਣ ਗੁਰਪ੍ਰੀਤ ਕੌਰ ਵਿਆਹੀ ਹੋਈ ਹੈ ਜਦਕਿ ਛੋਟੀ ਭੈਣ ਜਸਪ੍ਰੀਤ ਕੌਰ ਇਸੇ ਪਿੰਡ ਦੇ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਵਿਚ ਪੜ੍ਹਦੀ ਹੈ। ਸ਼ੁਭਕਰਨ ਖੁਦ ਵੀ ਕੁਆਰਾ ਸੀ।
ਸ਼ੁਭਕਰਨ ਦੇ ਚਚੇਰੇ ਭਰਾ ਨਿਰਭੈ ਸਿੰਘ ਨੇ ਦੱਸਿਆ ਕਿ ਉਸ ਦੇ ਚਾਚਾ ਚਰਨਜੀਤ ਸਿੰਘ ਬੱਲੋ ਪਿੰਡ ਵਿੱਚ ਡੇਢ ਕਿੱਲੇ ਜ਼ਮੀਨ ਦੇ ਮਾਲਕ ਹਨ। ਉਹ ਇਸ ਜ਼ਮੀਨ ‘ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ। ਸ਼ੁਭਕਰਨ ਆਪਣੇ ਪਿਤਾ ਦੀ ਖੇਤੀ ਵਿੱਚ ਮਦਦ ਕਰਦਾ ਸੀ ਅਤੇ ਉਸਦਾ ਪਰਿਵਾਰ ਕੱਚੇ ਘਰ ਵਿੱਚ ਰਹਿੰਦਾ ਹੈ। ਸ਼ੁਭਕਰਨ ਦੇ ਗੁਆਂਢੀ ਗੁਰਵਿੰਦਰ ਸਿੰਘ ਅਤੇ ਪਿੰਡ ਦੇ ਨੰਬਰਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਦੇ ਪਰਿਵਾਰ ਸਿਰ 18 ਲੱਖ ਰੁਪਏ ਦਾ ਕਰਜ਼ਾ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਆਇਆ ਭਿਆ.ਨਕ ਐਵਲਾਂਚ, ਇੱਕ ਵਿਦੇਸ਼ੀ ਸੈਲਾਨੀ ਦੀ ਮੌ.ਤ, ਇੱਕ ਲਾਪਤਾ
ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਇਲਾਵਾ ਕਰਜ਼ਾ ਮੁਆਫ਼ੀ ਦੀ ਮੰਗ ਕਰ ਰਹੇ ਹਨ। ਸ਼ੁਭਕਰਨ ਵੀ ਚਾਹੁੰਦਾ ਸੀ ਕਿ ਉਸ ਦੇ ਪਰਿਵਾਰ ਦਾ ਕਰਜ਼ਾ ਮੁਆਫ ਕੀਤਾ ਜਾਵੇ। ਇਸੇ ਕਾਰਨ ਉਹ ਦੋ ਦਿਨ ਪਹਿਲਾਂ ਹੀ ਪਿੰਡ ਦੇ 5-6 ਲੋਕਾਂ ਨਾਲ ਅੰਦੋਲਨ ਦੇ ਸਮਰਥਨ ਵਿੱਚ ਖਨੌਰੀ ਸਰਹੱਦ ‘ਤੇ ਪਹੁੰਚਿਆ ਸੀ ਅਤੇ ਉਦੋਂ ਤੋਂ ਉਥੇ ਹੀ ਸੀ।
ਸ਼ੁਭਕਰਨ ਦੇ ਚਚੇਰੇ ਭਰਾ ਨਿਰਭੈ ਸਿੰਘ ਅਤੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼ੁਭਕਰਨ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਨਾਲ ਹੀ ਉਸ ਦੇ ਪਰਿਵਾਰ ਦਾ ਜੋ ਵੀ ਕਰਜ਼ਾ ਹੈ, ਉਹ ਮਾਫ਼ ਕੀਤਾ ਜਾਵੇ। ਕਿਸਾਨ ਆਗੂਆਂ ਨੇ ਸ਼ੁਭਕਰਨ ਦੀ ਇੱਕ ਭੈਣ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ।