ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਸੁੱਟੇ ਗਏ ਹੰਝੂ ਗੋਲੇ ਕਰਕੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦਾ ਪੂਰੇ ਰੀਤੀ-ਰਿਵਾਜਾਂ ਨਾਲ ਉਸ ਦੇ ਜੱਦੀ ਪਿੰਡ ਬੁੱਲੋ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਕਿਸਾਨ ਆਗੂਆਂ ਵੱਲੋਂ ਐਂਬੂਲੈਂਸ ਰਾਹੀਂ ਖਨੌਰੀ ਬਾਰਡਰ ‘ਤੇ ਅੰਤਿਮ ਦਰਸ਼ਨਾਂ ਲਈ ਲਿਜਾਇਆ ਗਿਆ ਸੀ, ਜਿੱਥੇ ਕਿਸਾਨਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਮਗਰੋਂ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਬੁੱਲੋ ਵਿਚ ਲਿਜਾਇਆ ਗਿਆ, ਜਿਸ ਨੂੰ ਵੇਖਦੇ ਹੀ ਉਸ ਦਾ ਪਰਿਵਾਰ ਭੁੱਬਾਂ ਮਾਰ ਰੋਇਆ। ਭੈਣਾਂ ਨੇ ਭਰੀ ਜਵਾਨੀ ਇਸ ਦੁਨੀਆ ਤੋਂ ਤੁਰ ਜਾਣ ਵਾਲੇ ਭਰਾ ਦੇ ਸਿਰ ‘ਤੇ ਸਿਹਰਾ ਸਜਾ ਕੇ ਅੰਤਿਮ ਵਿਦਾਈ ਦਿੱਤੀ। ਬਹੁਤ ਹੀ ਨਮ ਅਖਾਂ ਨਾਲ ਸ਼ੁਭਕਰਨ ਨੂੰ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ੁਭਕਰਨ ਦੇ ਪਿੰਡ ਲੋਕ ਪਹੁੰਚੇ।
ਦੱਸ ਦੇਈਏ ਕਿ ਬੀਤੀ ਰਾਤ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲਿਸ ਨੇ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ, ਜਿਸ ਮਗਰੋਂ ਸ਼ੁਭਕਰਨ ਦਾ ਪੋਸਟਮਾਰਟਮ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਕਤ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਕਿ ਘਟਨਾ ਕਿੱਥੇ ਹੋਈ ਹੈ ਅਤੇ ਇਸ ਦੇ ਲਈ ਕੌਣ-ਕੌਣ ਜ਼ਿੰਮੇਵਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈਣ ਉਪਰੰਤ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਹੀ ਸ਼ੁਭਕਰਨ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ : CM ਮਾਨ ਦਾ ਪੰਜਾਬੀਆਂ ਨੂੰ ਲਿਵਰ ਇੰਸਟਿਚਊਟ ਦਾ ਤੋਹਫ਼ਾ, ਅਤਿ-ਆਧੁਨਿਕ ਮਸ਼ੀਨਾਂ ਨਾਲ ਹੋਵੇਗਾ ਇਲਾਜ
ਉਨ੍ਹਾਂ ਕਿਹਾ ਕਿ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪਹਿਲਾਂ ਹੀ ਕੀਤਾ ਗਿਆ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅਸੀਂ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਜਾਰੀ ਹੈ। 3 ਮਾਰਚ ਨੂੰ ਪਿੰਡ ਬੱਲੋਹ ਵਿੱਚ ਦੇਸ਼ ਦੇ ਦੋ ਵੱਡੇ ਮੰਚਾਂ (SKM ਅਤੇ BKU) ਵੱਲੋਂ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਜਾਵੇਗਾ। ਅਸੀਂ ਪੰਜਾਬ ਅਤੇ ਹਰਿਆਣਾ ਵਰਗੇ ਨੇੜਲੇ ਰਾਜਾਂ ਦੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੂੰ ਸ਼ਮੂਲੀਅਤ ਕਰਨ ਲਈ ਬੇਨਤੀ ਕਰਦੇ ਹਾਂ।