ਵਿਦੇਸ਼ ਦੀ ਧਰਤੀ ‘ਤੇ ਇੱਕ ਹੋਰ ਮਾਂ ਦੇ ਘਰ ਦਾ ਇਕਲੌਤਾ ਚਿਰਾਗ ਬੁਝ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ-ਗੁਰਦਾਸਪੁਰ ਰੋਡ ‘ਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।
ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।
ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਹਰਵਿੰਦਰ ਕੌਰ ਅਤੇ ਮਾਤਾ ਦਿਲਰਾਜ ਕੌਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ (30 ਸਾਲ) ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਜੋ ਕਰੀਬ 3 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮਾਂ ਅਤੇ ਪਤਨੀ ਨੇ ਕਿਹਾ ਕਿ ਰੋਜ਼ਾਨਾ ਹੀ ਫੋਨ ਤੇ ਗੱਲਬਾਤ ਹੁੰਦੀ ਰਹਿੰਦੀ ਸੀ ਇਸ ਭਾਣੇ ਦੇ ਵਾਪਰਨ ਤੋਂ ਇਕ ਦਿਨ ਪਹਿਲਾ ਹੀ ਉਸਨੇ ਪਰਿਵਾਰ ਨਾਲ ਫੋਨ ਤੇ ਗੱਲਬਾਤ ਕੀਤੀ ਸੀ।
ਕੱਲ੍ਹ ਉਹ ਕਿਸੇ ਕੰਮ ਲਈ ਜਾ ਰਿਹਾ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਖਬਰ ਸੁਣ ਕੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਇਹ ਵੀ ਪੜ੍ਹੋ : ਰਾਤੋਂ-ਰਾਤ ਚਮਕੀ ਦਰਗਾਹ ‘ਤੇ ਸੇਵਾ ਕਰਨ ਵਾਲਿਆਂ ਦੀ ਕਿਸਮਤ, ਨਿਕਲੀ ਢਾਈ ਕਰੋੜ ਦੀ ਲਾਟਰੀ
ਮ੍ਰਿਤਕ ਗੁਰਵਿੰਦਰ ਸਿੰਘ ਦਾ ਪਿਤਾ ਪੰਜਾਬ ਰੋਡਵੇਜ਼ ਵਿੱਚ ਨੌਕਰੀ ਕਰਦਾ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਪੈਸੇ ਲਗਾ ਕੇ ਵਿਦੇਸ਼ ਭੇਜ ਦਿੱਤਾ ਸੀ। ਉਸ ਦੇ ਪਿਤਾ ਦੀ ਵੀ ਵਿਦੇਸ਼ ਜਾਣ ਤੋਂ ਥੋੜ੍ਹੀ ਦੇਰ ਬਾਅਦ ਮੌਤ ਹੋ ਗਈ ਸੀ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਭੇਜਿਆ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ –