ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਗੰਭੀਰ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਦੇ ਬਿਆਨਾਂ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਪ੍ਰਿਤਪਾਲ ਸਿੰਘ ਦੇ ਬਿਆਨ ਅੱਜ ਸ਼ੁੱਕਰਵਾਰ ਨੂੰ ਹਾਈਕੋਰਟ ‘ਚ ਪੇਸ਼ ਕੀਤੇ ਗਏ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਪਿਛਲੇ ਨੇ ਚੰਡੀਗੜ੍ਹ ਦੇ ਸੀਜੇਐਮ ਨੂੰ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਲਈ ਕਿਹਾ ਸੀ। ਇਸ ਦੌਰਾਨ ਇੱਕ ਡਾਕਟਰ ਨੂੰ ਮੌਜੂਦ ਰਹਿਣ ਅਤੇ ਨਾਲ ਹੀ ਹਰਿਆਣਾ ਪੁਲਿਸ ਦੇ ਏਸੀਪੀ ਨੂੰ ਵੀ ਹਾਜ਼ਰ ਰਹਿਣ ਲਈ ਕਿਹਾ ਗਿਆ ਸੀ। ਇਸ ਮਗਰੋਂ ਬੀਤੇ ਦਿਨ ਵੀਰਵਾਰ ਨੂੰ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕੀਤੇ ਗਏ, ਜਿਨ੍ਹਾਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ।
ਬਿਆਨਾਂ ਵਿੱਚ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪਹਿਲਾਂ ਉਸ ਨੂੰ ਪੰਜਾਬ ਵਿੱਚ ਵੜ ਕੇ ਕੁੱਟਿਆ ਅਤੇ ਉਸ ਤੋਂ ਬਾਅਦ ਜ਼ਬਰਦਸਤੀ ਹਰਿਅਣਾ ਵਿੱਚ ਚੁੱਕ ਕੇ ਲੈ ਗਏ ਅਤੇ ਉਥੇ ਫਿਰ ਬੇਰਹਿਮੀ ਨਾਲ ਕੁੱਟਿਆ। ਪ੍ਰਿਤਪਾਲ ਦੇ ਪਿਤਾ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਪੂਰੇ ਮਾਮਲੇ ਬਾਰੇ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਇਨ੍ਹਾਂ ਬਿਆਨਾਂ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤੈਅ ਕਾਨੂੰਨ ਤਹਿਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ‘ਚ ਹਰਿਆਣਾ ਦਾ ਜਵਾਬ- ‘ਕੋਈ ਰਹਿਮ ਨਹੀਂ, ਹੋਰ ਕੈਦੀਆਂ ਨੂੰ ਵੀ ਮਿਲਿਆ ਲਾਭ’
ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਕਿਹਾ ਗਿਆ ਕਿ ਉਸ ਦਿਨ ਹਰਿਆਣਾ ਪੁਲਿਸ ਦੇ 15 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਸਨ ਅਤੇ 8 ਪੁਲਿਸ ਮੁਲਾਜ਼ਮਾਂ ਨੇ ਪ੍ਰਿਤਪਾਲ ਖਿਲਾਫ ਬਿਆਨ ਦਿੱਤੇ ਹਨ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਕਿ ਪ੍ਰਿਤਪਾਲ ਸਿੰਘ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ‘ਚ ਸ਼ਾਮਲ ਸੀ, ਉਸ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪ੍ਰਿਤਪਾਲ ਦੇ ਬਿਆਨ ‘ਤੇ ਪੰਜਾਬ ਸਰਕਾਰ ਨੂੰ ਕਰਵਾਈ ਕਰਨ ਅਤੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: