ਪੰਜਾਬ ‘ਚ ‘ਵਿਕਾਸ ਕ੍ਰਾਂਤੀ’ ਦੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਵਿੱਚ 867 ਕਰੋੜ ਰੁਪਏ ਦੇ ਕੰਮਾਂ ਦਾ ਨੀਂਹ ਪੱਥਰ ਰਖਿਆ।
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਹੱਬ ਬਣਾਉਣ ਦੀ ਤਿਆਰੀ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇੱਥੇ 5 ਨਵੇਂ ਮੈਡੀਕਲ ਕਾਲਜਾਂ ਦਾ ਕੰਮ ਸ਼ੁਰੂ ਹੋ ਰਿਹਾ ਹੈ ਜਿਸ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਮਲੇਰਕੋਟਲਾ ਅਤੇ ਮੋਗਾ ਵਿੱਚ ਇਹ ਮੈਡੀਕਲ ਕਾਲਜ ਬਣਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ 550 ਪਿੰਡਾਂ ਵਿੱਚ ਖੇਡ ਮੈਦਾਨ ਅਤੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਉਣ ਦਾ ਵੀ ਐਲਾਨ ਕੀਤਾ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ।
ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ 836 ਕਰੋੜ ਰੁਪਏ ਦੇ ਕੰਮਾਂ ਦੇ ਉਦਘਾਟਨ ਨਾਲ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਨਾਲ ਕਰੀਬ ਡੇਢ ਵਜੇ ਹੁਸ਼ਿਆਰਪੁਰ ਪਹੁੰਚੇ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਦੋਵਾਂ ਆਗੂਆਂ ਨੇ ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਫਾਈ ਦੇ ਨਵੇਂ ਪ੍ਰੋਜੈਕਟ ਵੀ ਦਿੱਤੇ ਹਨ, ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਹੌਜਰੀ ਮਾਲਕ ਦਾ ਅਗਵਾ, ਮੰਗੀ ਫਿਰੌਤੀ, ਪੁਲਿਸ ਨੂੰ ਵੇਖਿਆ ਤਾਂ ਮਾਰੀ ਗੋ.ਲੀ
23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਨੌਜਵਾਨਾਂ ਲਈ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਦਾ ਕੰਮ ਵੀ ਦੋਵਾਂ ਆਗੂਆਂ ਨੇ ਸ਼ੁਰੂ ਕੀਤਾ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿੱਚ ਆਉਣ ਵਾਲੇ ਦਿਨਾਂ ਵਿੱਚ 33 ਨਵੇਂ ਮਹੱਲਾ ਕਲੀਨਿਕ ਅਤੇ ਇੱਕ ਸਕੂਲ ਆਫ ਐਮੀਨੈਂਸ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ।