ਲੁਧਿਆਣਾ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਡੇਹਲੋਂ ਚੌਕ ਵਿਖੇ ਡੇਹਲੋਂ ਬਾਈਪਾਸ ਸਮੇਤ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ ਦੇ ਪੁਨਰ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਿਸ ‘ਤੇ ਕਰੀਬ 47.18 ਕਰੋੜ ਰੁਪਏ ਦੀ ਲਾਗਤ ਆਵੇਗੀ।
ਲੁਧਿਆਣਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ 25 ਕਿਲੋਮੀਟਰ ਲੰਬੇ ਇਸ ਮਾਰਗ ਦਾ ਕੰਮ ਅਗਲੇ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਸੜਕ ਦੇ ਪੁਨਰ ਨਿਰਮਾਣ ਲਈ ਜਿੰਮੇਵਾਰ ਕੰਪਨੀ ਅਗਲੇ ਪੰਜ ਸਾਲਾਂ ਤੱਕ ਸੜਕ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਏਗੀ।
ਕੈਬਨਿਟ ਮੰਤਰੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਸੜਕੀ ਮਾਰਗ ਹੈ ਅਤੇ ਮਲੇਰਕੋਟਲਾ, ਸੰਗਰੂਰ ਅਤੇ ਰਾਜ ਦੇ ਹੋਰ ਹਿੱਸਿਆਂ ਵਿੱਚ ਜਾਣ ਲਈ ਯਾਤਰੀਆਂ ਵੱਲੋਂ ਬਾਈਪਾਸ ਵਜੋਂ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਹਰ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਇਸ ਗੱਲ ਦੀ ਗਵਾਹੀ ਭਰਦੇ ਹਨ।
ਇਹ ਵੀ ਪੜ੍ਹੋ : ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ‘ਚ ਡਿੱਗਿਆ ਵਿਆਹ ਦਾ ਪੰਡਾਲ, ਮਚੀ ਹਫੜਾ-ਦਫੜੀ, ਕਈ ਜ਼ਖਮੀ
ਪੰਜਾਬ ਵਿੱਚ ਮਿਆਰੀ ਸੜਕੀ ਬੁਨਿਆਦੀ ਢਾਂਚੇ ਨੂੰ ਪ੍ਰਮੁੱਖ ਤਰਜੀਹ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੂਬੇ ਨੂੰ ਸੁਚਾਰੂ ਸੜਕੀ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਆਪਣੇ ਸੰਬੋਧਨ ਦੌਰਾਨ ਹਰਭਜਨ ਸਿੰਘ ਈ.ਟੀ.ਓ ਨੇ ਪਿਛਲੀਆਂ ਸਰਕਾਰਾਂ ਵੱਲੋਂ ਸੜਕ ਦਾ ਪੁਨਰ ਨਿਰਮਾਣ ਨਾ ਕਰਨ ‘ਤੇ ਵਰ੍ਹਦਿਆਂ ਕਿਹਾ ਕਿ ਇਸ ਸੜਕ ਦੀ 2016 ਵਿੱਚ ਹੀ ਮੁਰੰਮਤ ਕੀਤੀ ਜਾਣੀ ਬਣਦੀ ਸੀ ਪਰ ਲੋਕਾਂ ਦੀ ਚਿਰੋਕਣੀ ਮੰਗ ਦੀ ਕਿਸੇ ਨੇ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਰੋਜ਼ਾਨਾ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਕਈ ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੜਕ ਦੇ ਪੁਨਰ ਨਿਰਮਾਣ ਨਾਲ ਯਾਤਰੀਆਂ ਨੂੰ ਨਿਰਵਿਘਨ ਅਤੇ ਸੁਖਾਵੇਂ ਸਫ਼ਰ ਦੀ ਸਹੂਲਤ ਮਿਲੇਗੀ ਅਤੇ ਮੰਦਭਾਗੀਆਂ ਦੁਰਘਟਨਾਵਾਂ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਠੇਕੇਦਾਰੀ ਕੰਪਨੀ ਨੂੰ ਕੰਮ ਦੌਰਾਨ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਘੋਵਾਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।