ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਦੌਰਾਨ ਚਾਰ ਬਿੱਲ ਟਰਾਂਸਫਰ ਆਫ ਪ੍ਰਾਪਰਟੀ(ਸੋਧ) ਬਿੱਲ 2023, ਰਜਿਸਟ੍ਰੇਸ਼ਨ (ਸੋਧ) ਬਿੱਲ 2023 , ਇੰਡੀਅਨ ਸਟੈਂਪ ਬਿੱਲ 2023 ਅਤੇ ਪੰਜਾਬ ਕੈਨਾਲ ਤੇ ਡ੍ਰੇਨੇਜ਼ ਬਿੱਲ 2023 ਸਰਬਸੰਮਤੀ ਨਾਲ ਪਾਸ ਹੋਏ। ਕਾਂਗਰਸ ਨੇ ਸੈਸ਼ਨ ਦਾ ਸਮਾਂ ਵਧਾਉਣ ਨੂੰ ਲੈ ਕੇ ਸਦਨ ‘ਚੋਂ ਵਾਕਆਊਟ ਕਰ ਦਿੱਤਾ ਹੈ। ਸਿਫਰ ਕਾਲ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਉਠਾਇਆ ਤੇ ਮੰਗ ਕੀਤੀ ਕਿ ਇਸ ‘ਤੇ ਵਿਧਾਨ ਸਭਾ ‘ਚ ਲੰਬੀ ਚਰਚਾ ਕਰਵਾਈ ਜਾਵੇ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੇ ਰਾਜਾ ਵੜਿਗ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਪੀਕਰ ਨੇ ਉਨ੍ਹਾਂ ਨੂੰ ਜਨਮ ਦਿਨ ਦਾ ਤੋਹਫਾ ਦਿੰਦੇ ਹੋਏੇ 3 ਮਿੰਟ ਹੋਰ ਬੋਲਣ ਦਾ ਮੌਕਾ ਦਿੱਤਾ।
ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ ਮਹੀਨੇ ਸ਼ੈਲਰ ਮਾਲਕ 15 ਦਿਨਾਂ ਤੋਂ ਹੜਤਾਲ ’ਤੇ ਚਲੇ ਗਏ ਸਨ। ਝੋਨੇ ਦੀ ਖਰੀਦ ਇਕ ਤਰੀਕ ਨੂੰ ਸ਼ੁਰੂ ਕਰ ਦਿੱਤੀ ਗਈ ਅਤੇ ਸਾਰੀਆਂ ਫਸਲ ਬੋਰੀਆਂ ਵਿਚ ਪੈਕ ਕਰਕੇ ਮੰਡੀਆਂ ਵਿਚ ਲਿਆਂਦੀ ਗਈ। ਇਸ ਦੌਰਾਨ ਮੀਂਹ ਕਾਰਨ ਫਸਲ ਦਾ ਕਾਫੀ ਨੁਕਸਾਨ ਹੋਇਆ, ਜਿਸ ਤੋਂ ਬਾਅਦ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਅੱਧੇ ਸ਼ੈਲਰ ਬੰਦ ਹੋ ਜਾਣਗੇ।
ਇਹ ਵੀ ਪੜ੍ਹੋ : ਟੈਕਸੀ Apps ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਜਲਦ ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ
ਕੇਂਦਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਨਹੀਂ ਚੁੱਕ ਰਹੀ ਅਤੇ ਇਹ ਸਰਕਾਰ ਦੀ ਸਕੀਮ ਹੈ ਕਿ ਕਿਸਾਨ ਦਾ ਮਾਲ ਨਾ ਚੁੱਕੋ ਤੇ ਸ਼ੈਲਰ ਬੰਦ ਹੋ ਜਾਣ ਤੇ ਲੋਕ ਝੋਨਾ ਲਾਉਣਾ ਬੰਦ ਕਰ ਦੇਣ।
ਇਸ ਦੇ ਨਾਲ ਹੀ ਵਿਰੋਧੀ ਪਾਰਟੀ ਨੇ ਵੀ ਡੇਢ ਦਿਨ ਦੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਨੂੰ ਇਕ ਹਫ਼ਤਾ ਵਧਾਉਣ ਦੀ ਮੰਗ ਵੀ ਕੀਤੀ ਹੈ। ਬੀਤੇ ਦਿਨ ਪੰਜਾਬ ਸਰਕਾਰ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਅਤੇ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਪਾਸ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ : –