ਚੰਡੀਗੜ੍ਹ : ਵਿਆਹ ਦੇ ਰੁਝੇਵਿਆਂ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਜੈਪੁਰ ਵਿਚ ਹੋਣ ਵਾਲੀ ਨਾਰਥ ਜ਼ੋਨ ਕੌਂਸਲ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਥਾਂ ਵਿੱਤ ਮੰਤਰੀ ਹਰਪਾਲ ਚੀਮਾ 9 ਜੁਲਾਈ ਨੂੰ ਜੈਪੁਰ ਵਿਖੇ ਹੋਣ ਵਾਲੀ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਪੰਜਾਬ ਰਾਜ ਦੇ ਵਫ਼ਦ ਦੀ ਅਗਵਾਈ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਜਿੱਥੇ ਸੁਰੱਖਿਆ, ਸੜਕ, ਆਵਾਜਾਈ, ਉਦਯੋਗ, ਪਾਣੀ, ਬਿਜਲੀ ਅਤੇ ਸਾਂਝੇ ਹਿੱਤਾਂ ਦੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਪੰਜਾਬ ਸਰਕਾਰ ਵਲੋਂ ਪਹਿਲਾਂ ਇਸ ਮੀਟਿੰਗ ਲਈ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਂਅ ਕੇਂਦਰ ਸਰਕਾਰ ਨੂੰ ਭੇਜੇ ਗਏ ਸਨ, ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਭਗਵੰਤ ਮਾਨ ਦੀ ਥਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਂਅ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। CM ਭਗਵੰਤ ਮਾਨ ਨੇ ਹੁਣੇ ਜਿਹੇ ਹੀ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾ ਲਿਆ ਹੈ ਜਿਸ ਕਾਰਨ ਉਹ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ।
ਇਸ ਮੀਟਿੰਗ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -: