ਚੰਡੀਗੜ੍ਹ ਦੇ ਮੇਅਰ ਦੀ ਚੋਣ ਨਾਲ ਸਬੰਧਤ ਦੋ ਪਟੀਸ਼ਨਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਕਿ ਚੋਣਾਂ ਲਈ 6 ਫਰਵਰੀ ਦੀ ਤਰੀਕ ਬਹੁਤ ਲੇਟ ਹੈ। ਭਲਕੇ 24 ਜਨਵਰੀ ਨੂੰ ਚੋਣਾਂ ਨੂੰ ਲੈਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ ਕਿ ਚੋਣਾਂ 6 ਫਰਵਰੀ ਤੋਂ ਪਹਿਲਾਂ ਕਦੋਂ ਕਰਵਾਈਆਂ ਜਾਣਗੀਆਂ।
ਅਦਾਲਤ ਨੇ ਕਿਹਾ ਕਿ ਜੇਕਰ ਸਹੀ ਤਰੀਕ ਤੈਅ ਨਹੀਂ ਹੈ ਤਾਂ ਫਿਰ ਅਦਾਲਤ ਚੋਣਾਂ ਦੀ ਤਰੀਕ ਤੈਅ ਕਰੇਗੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਯਾਨੀ ਬੁੱਧਵਾਰ ਸਵੇਰੇ 11.30 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਪਰ ਚੋਣ ਅਧਿਕਾਰੀ ਦੀ ਸਿਹਤ ਵਿਗੜ ਜਾਣ ਕਾਰਨ ਵੋਟਾਂ ਤੋਂ ਕੁਝ ਸਮਾਂ ਪਹਿਲਾਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 18 ਜਨਵਰੀ ਨੂੰ ਚੋਣਾਂ ਨਾ ਹੋਣ ਕਾਰਨ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ ਪਰ ਅਦਾਲਤ ਦਾ ਕਹਿਣਾ ਹੈ ਕਿ 6 ਫਰਵਰੀ ਦੀ ਤਰੀਕ ਬਹੁਤ ਲੰਬੀ ਹੈ ਅਤੇ ਪਹਿਲਾਂ ਚੋਣਾਂ ਕਰਵਾਉਣ ਲਈ ਤਰੀਕ ਤੈਅ ਕੀਤੀ ਜਾਵੇ।
ਦੱਸ ਦੇਈਏ ਕਿ ਇਸ ਚੋਣ ਸਬੰਧੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੀ ਇਹ ਚੌਥੀ ਪਟੀਸ਼ਨ ਹੈ। ਸਭ ਤੋਂ ਪਹਿਲਾਂ ਇੱਕ ਕਾਂਗਰਸੀ ਕੌਂਸਲਰ ਨੂੰ ਨਜ਼ਰਬੰਦ ਕਰਾਰ ਦੇ ਕੇ ਰਿਹਾਅ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਰਾਤ 1 ਵਜੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਸੀ। ਹਾਲਾਂਕਿ ਅਗਲੇ ਦਿਨ ਸ਼ਾਮ ਹਾਈ ਕੋਰਟ ਨੇ ਪਟੀਸ਼ਨ ਖਾਰਿਜ ਕਰ ਦਿੱਤੀ। ਇਸ ਤੋਂ ਬਾਅਦ 17 ਜਨਵਰੀ ਨੂੰ ਕੋਰਟ ਕਮਿਸ਼ਨਰ ਦੀ ਨਿਗਰਾਨੀ ਹੇਠ ਚੋਣਾਂ ਕਰਵਾਉਣ ਦੀ ਅਪੀਲ ਨਾਲ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਠੰਢ ‘ਚ ਪਰਾਲੀ ਸਾੜਨ ਨਾਲ ਵਧਿਆ ਹਵਾ ਪ੍ਰਦੂਸ਼ਨ! NGT ਨੇ ਪੰਜਾਬ ਨੂੰ ਦਿੱਤੇ ਇਹ ਹੁਕਮ
ਹਾਈਕੋਰਟ ਨੇ ਇਸ ਤੋਂ ਇਨਕਾਰ ਕਰਦਿਆਂ ਚੋਣਾਂ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ। 18 ਜਨਵਰੀ ਨੂੰ ਚੋਣਾਂ ਨਾ ਹੋਣ ਕਾਰਨ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਦੇਰ ਸ਼ਾਮ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ ਪਰ ਕੋਈ ਰਾਹਤ ਨਾ ਦਿੰਦੇ ਹੋਏ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ 23 ਜਨਵਰੀ ਲਈ ਨੋਟਿਸ ਜਾਰੀ ਕਰ ਦਿੱਤਾ। ਇਸ ਤੋਂ ਬਾਅਦ ਚੌਥੀ ਪਟੀਸ਼ਨ ਦਾਇਰ ਕੀਤੀ ਗਈ, ਜਿਸ ‘ਚ 24 ਘੰਟਿਆਂ ‘ਚ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ –