ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਡਲਹੌਜ਼ੀ ਦੇ ਖਜਿਆਰ ‘ਚ NRI ਜੋੜੇ ‘ਤੇ ਹੋਏ ਹਮਲੇ ਦੇ ਮਾਮਲੇ ਦੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਾਲ ਹੀ ‘ਚ ਖਜਿਆਰ ‘ਚ ਇਕ ਸਪੈਨਿਸ਼-ਪੰਜਾਬੀ ਜੋੜੇ ‘ਤੇ ਕੁਝ ਲੋਕਾਂ ਨੇ ਹਮਲਾ ਕੀਤਾ ਸੀ। ਇਸ ਮਾਮਲੇ ਵਿੱਚ ਸੂਬਾ ਪੁਲਿਸ ਅੰਮ੍ਰਿਤਸਰ ਪੁਲਿਸ ਸਟੇਸ਼ਨ ਤੋਂ ਆ ਰਹੀ ਸੂਚਨਾ ਦੇ ਆਧਾਰ ‘ਤੇ ਬਣਦੀ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਪਣੀ ਸਾਦਗੀ ਅਤੇ ਕੋਮਲ ਸੁਭਾਅ ਲਈ ਜਾਣੇ ਜਾਂਦੇ ਹਨ। ਹਰ ਸਾਲ ਦੇਸ਼-ਵਿਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਸੈਲਾਨੀ ਹਿਮਾਚਲ ਘੁੰਮਣ ਲਈ ਆਉਂਦੇ ਹਨ। ਰਾਜ ਸਰਕਾਰ ਸੈਲਾਨੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਦੀ ਹੈ।
ਇਹ ਘਟਨਾ 11 ਜੂਨ 2024 ਨੂੰ ਸੈਰ ਸਪਾਟਾ ਕਸਬੇ ਖਜਿਆਰ ਦੀ ਪਾਰਕਿੰਗ ਵਿੱਚ ਵਾਪਰੀ ਸੀ, ਜਿੱਥੇ ਦੋ ਧਿਰਾਂ ਵਿਚਾਲੇ ਹੋਈ ਤਕਰਾਰ ਨੇ ਲੜਾਈ ਦਾ ਰੂਪ ਧਾਰਨ ਕਰ ਲਿਆ ਸੀ। ਇਸ ਮਾਮਲੇ ਵਿੱਚ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ। ਸਥਾਨਕ ਪੁਲਿਸ ਨੇ ਸੈਲਾਨੀ ਜੋੜੇ ਨੂੰ ਹਰ ਸੰਭਵ ਸਹਿਯੋਗ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਲਈ ਚੰਬਾ ਹਸਪਤਾਲ ਪਹੁੰਚਾਇਆ। ਜੋੜੇ ਨੇ ਮੈਡੀਕਲ ਜਾਂਚ ਕਰਵਾਉਣ ਅਤੇ ਕੇਸ ਦਰਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਪੁਲਿਸ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ।
ਇਹ ਵੀ ਪੜ੍ਹੋ : ਨੌਜਵਾਨ ਲਈ ਮਸੀਹਾ ਬਣਿਆ ਭਾਰਤੀ ਫੌਜ ਦਾ ਅਫਸਰ, ਜਹਾਜ਼ ‘ਚ ਬਿਮਾਰ ਯਾਤਰੀ ਦੀ ਇੰਝ ਬਚਾਈ ਜਾ/ਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ ‘ਤੇ ਹੋਏ ਹਮਲੇ ਦੇ ਸਬੰਧ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ। ਚੰਨੀ ਨੇ ਅਪੀਲ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਹੀਂ ਵਾਪਰਨੀਆਂ ਚਾਹੀਦੀਆਂ। ਪੰਜਾਬ ਅਤੇ ਹਿਮਾਚਲ ਦੀ ਭਾਈਚਾਰਕ ਸਾਂਝ ਵਿੱਚ ਦਰਾੜ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਹ ਖੁਦ ਆਪਣੇ ਪੱਧਰ ‘ਤੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: