ਸੂਹੀ ਮਹਲਾ 4 ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥1॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥1॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥2॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥3॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥4॥2॥
ਪੰਜਾਬੀ ਵਿਆਖਿਆ
ਸੂਹੀ ਮਹਲਾ 4 ॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ®, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।1।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।1।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।2। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।3।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।4।2।