ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਕਤਲ ਕੀਤਾ ਜਾ ਸਕਦਾ ਹੈ। ਖਾਨ ਨੇ ਸ਼ਨੀਵਾਰ ਨੂੰ ਕਿਹਾ, ‘ਮੇਰੀ ਜਾਨ ਖ਼ਤਰੇ ‘ਚ ਹੈ। ਪਾਕਿਸਤਾਨ ਦੇ ਅੰਦਰ ਅਤੇ ਬਾਹਰ ਕੁਝ ਲੋਕ ਹਨ ਜੋ ਮੈਨੂੰ ਮਾਰਨਾ ਚਾਹੁੰਦੇ ਹਨ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਜਾਣਦਾ ਹਾਂ। ਮੈਂ ਇੱਕ ਵੀਡੀਓ ਰਿਕਾਰਡ ਕੀਤਾ ਹੈ ਅਤੇ ਇਸਨੂੰ ਇੱਕ ਸੁਰੱਖਿਅਤ ਜਗ੍ਹਾ ‘ਤੇ ਰੱਖਿਆ ਹੈ। ਜੇ ਮੈਂ ਮਾਰਿਆ ਗਿਆ ਤਾਂ ਇਹ ਵੀਡੀਓ ਇਨ੍ਹਾਂ ਸਾਰੇ ਲੋਕਾਂ ਦੇ ਨਾਂਵਾਂ ਦਾ ਖੁਲਾਸਾ ਕਰੇਗੀ।’
ਸਿਆਲਕੋਟ ਵਿੱਚ ਪਾਰਟੀ ਦੀ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਮੈਨੂੰ ਰਸਤੇ ਤੋਂ ਹਟਾਉਣ ਲਈ ਬੰਦ ਕਮਰਿਆਂ ਵਿੱਚ ਸਾਜ਼ਿਸ਼ਾਂ ਹੋ ਰਹੀਆਂ ਹਨ। ਜਿਨ੍ਹਾਂ ਲੋਕਾਂ ਦੇ ਰਾਹ ਵਿੱਚ ਮੈਂ ਹਾਂ ਉਹ ਚਾਹੁੰਦੇ ਹਨ ਕਿ ਇਮਰਾਨ ਖਾਨ ਨੂੰ ਮਾਰ ਦਿੱਤਾ ਜਾਵੇ। ਮੈਨੂੰ ਇਸ ਸਾਜ਼ਿਸ਼ ਬਾਰੇ ਪਹਿਲਾਂ ਹੀ ਪਤਾ ਹੈ। ਇਸ ਲਈ ਮੈਂ ਇੱਕ ਵੀਡੀਓ ਰਿਕਾਰਡ ਕੀਤੀ ਹੈ ਅਤੇ ਇਸ ਨੂੰ ਸੁਰੱਖਿਅਤ ਜਗ੍ਹਾ ‘ਤੇ ਰੱਖਿਆ ਹੈ। ਮੈਂ ਚਾਹੁੰਦਾ ਹਾਂ ਕਿ ਪੂਰਾ ਪਾਕਿਸਤਾਨ ਜਾਣੇ ਕਿ ਇਸ ਸਾਜ਼ਿਸ਼ ਵਿੱਚ ਕੌਣ-ਕੌਣ ਸ਼ਾਮਲ ਹੈ।
ਇੱਕ ਨਿਊਜ਼ ਰਿਪੋਰਟ ਮੁਤਾਬਕ ਖਾਨ ਨੇ ਵੀਡੀਓ ਬਣਾਉਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਪਾਕਿਸਤਾਨ ‘ਚ ਤਾਕਤਵਰ ਲੋਕਾਂ ਨੂੰ ਜਵਾਬਦੇਹ ਨਹੀਂ ਠਹਿਰਾਇਆ ਜਾਂਦਾ, ਇਸ ਲਈ ਉਹ ਇਸ ਵੀਡੀਓ ਰਾਹੀਂ ਦੇਸ਼ ਦੇ ਹਿੱਤਾਂ ਦੇ ਖਿਲਾਫ ਜਾਣ ਵਾਲੇ ਸਾਰੇ ਲੋਕਾਂ ਨੂੰ ਬੇਨਕਾਬ ਕਰਨਗੇ।
ਇਮਰਾਨ ਖਾਨ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਸੱਤਾ ਤੋਂ ਲਾਂਭੇ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਪੱਕੇ ਸਬੂਤ ਹਨ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪਾਕਿਸਤਾਨ ਦੇ ਇੱਕ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਬੇਭਰੋਸਗੀ ਮਤੇ ਤੋਂ ਪਹਿਲਾਂ ਇਮਰਾਨ ਖ਼ਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਅਪ੍ਰੈਲ 2022 ‘ਚ ਵੀ ਇਮਰਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਗ੍ਰਹਿ ਮੰਤਰੀ ਨੂੰ ਇਮਰਾਨ ਖਾਨ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਸਨ।