In Tarn Taran the brother : ਤਰਨਤਾਰਨ ਦੀ ਪੱਟੀ ਖਾਰਾ ਲਿੰਕ ਰੋਡ ‘ਤੇ ਸ਼ਨੀਵਾਰ ਨੂੰ ਇਕ ਨੌਜਵਾਨ ਨੇ ਆਪਣੇ ਸਾਥੀ ਨਾਲ ਮਿਲ ਕੇ ਆਪਣੀਆਂ ਦੋ ਕਜ਼ਨ ਭੈਣਾਂ ਨੂੰ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕੱਟ ਦਿੱਤਾ। ਵਾਰਦਾਤ ਸ਼ਨੀਵਾਰ ਬਾਅਦ ਦੁਪਹਿਰ ਵਾਪਰੀ। ਉਥੇ ਹੱਤਿਆ ਨੂੰ ਅੰਜਾਮ ਦੇਣ ਤੋਂ ਬਾਅਦ ਭੱਜਦੇ ਹੋਏ ਕੁੜੀਆਂ ਦੇ ਭਰਾ ਦੀ ਵੀ ਹਾਦਸੇ ਵਿਚ ਮੌਤ ਹੋ ਗਈ। ਮੌਕੇ ‘ਤੇ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਦੁਪਹਿਰ ਬਾਅਦ ਰਮਨਦੀਪ ਕੌਰ ਅਤੇ ਅਮਨਦੀਪ ਕੌਰ ਪੱਟੀ ਤੋਂ ਪਿੰਡ ਕੋਟਦਾਤਾ ਵਲ ਆ ਰਹੀਆਂ ਸਨ। ਇਸ ਦੌਰਾਨ ਉਸ ਦੇ ਕਜ਼ਨ ਭਰਾ ਜੋਬਨ ਸਿੰਘ ਤੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਦੋਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਰਮਨਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਅਮਨਦੀਪ ਕੌਰ ਨੇ ਕੁਝ ਦੇਰ ਬਾਅਦ ਦਮ ਤੋੜ ਦਿੱਤਾ।
ਥਾਣਾ ਹਰੀਕੇ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਸਰਾਏ ਨੇ ਦੱਸਿਆ ਕਿ ਜੋਬਨ ਸਿੰਘ ਆਪਣੀਆਂ ਕਜ਼ਨ ਭੈਣਾਂ ‘ਤੇ ਸ਼ੱਕ ਕਰਦਾ ਸੀ। ਇਸੇ ਕਾਰਨ ਉਸ ਨੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਤੇ ਹੱਤਿਆ ਕਰਨ ਤੋਂ ਬਾਅਦ ਉਹ ਖੁਦ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਟਰੈਕਟਰ ਨਾਲ ਟਕਰਾ ਗਿਆ। ਤੇ ਉਸ ਦੀ ਮੌਤ ਹੋ ਗਈ। ਡੀ. ਐੱਸ. ਪੀ. ਕਮਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਹੁਣ ਤਕ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਕੋਈ ਬਿਆਨ ਦਰਜ ਨਹੀਂ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਪੁਲਿਸ ਨੇ ਇਸ ਹੱਤਿਆ ਕਾਂਡ ਵਿਚ ਸ਼ਾਮਲ ਦੋਸ਼ੀ ਨਿਰਮਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।