ਅੰਦੋਲਨ ਵਿੱਚ ਜ਼ਖਮੀ ਕਿਸਾਨ ਦੇ ਰੋਹਤਕ ਵਿੱਚ ਹੋਣ ਦੀ ਸੂਚਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿੱਚ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਿਤਪਾਲ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੇਰ ਰਾਤ ਐਂਬੂਲੈਂਸ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਲੈ ਗਈ। ਪੰਜਾਬ ਸਰਕਾਰ ਦੀ ਮੈਡੀਕਲ ਟੀਮ ਵੀ ਉੱਥੇ ਮੌਜੂਦ ਸੀ ਅਤੇ ਜਾਂਚ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਵਿਚ ਦਾਖਲ ਕਰ ਦਿੱਤਾ ਗਿਆ।
ਚੰਡੀਗੜ੍ਹ ਪਹੁੰਚਿਆ ਪ੍ਰਿਤਪਾਲ 4 ਦਿਨਾਂ ਬਾਅਦ ਆਪਣੇ ਪਰਿਵਾਰ ਨੂੰ ਮਿਲਿਆ। ਹਰਿਆਣਾ ਸਰਕਾਰ ਵੱਲੋਂ ਪੰਜਾਬ ਨੂੰ ਕਸਟਡੀ ਸੌਂਪਣ ਲਈ ਸਹਿਮਤੀ ਦੇਣ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਿਤਪਾਲ ਸਿੰਘ ਅਤੇ ਹਰ ਜ਼ਖਮੀ ਕਿਸਾਨ ਦਾ ਮੁਫਤ ਇਲਾਜ ਕਰੇਗੀ। ਜੇ ਕੋਈ ਹੋਰ ਕਿਸਾਨ ਵੀ ਹਰਿਆਣਾ ਸਰਕਾਰ ਦੀ ਗ੍ਰਿਫ਼ਤ ਵਿੱਚ ਹੈ ਤਾਂ ਉਸ ਬਾਰੇ ਵੀ ਚਰਚਾ ਹੋਈ ਹੈ।
ਜਿਵੇਂ ਹੀ ਦੇਰ ਰਾਤ ਪ੍ਰਿਤਪਾਲ ਸਿੰਘ ਪੀਜੀਆਈ ਚੰਡੀਗੜ੍ਹ ਪੁੱਜਿਆ ਤਾਂ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਪੀ.ਜੀ.ਆਈ. ਪਹੁੰਚ ਗਏ। ਉਨ੍ਹਾਂ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਵੀ ਫੋਨ ‘ਤੇ ਗੱਲ ਕੀਤੀ।
ਕਿਸਾਨ ਪ੍ਰਿਤਪਾਲ ਸਿੰਘ 21 ਫਰਵਰੀ ਨੂੰ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਅਫਵਾਹ ਫੈਲ ਗਈ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਹੈ। ਹਾਲਾਂਕਿ ਬਾਅਦ ਵਿੱਚ ਹਰਿਆਣਾ ਪੁਲਿਸ ਨੇ ਦੱਸਿਆ ਕਿ ਉਹ ਰੋਹਤਕ ਪੀਜੀਆਈ ਵਿੱਚ ਦਾਖਲ ਹੈ। ਉਸ ਤੋਂ ਪੰਜਾਬ ਦੇ ਮੁੱਖ ਸਕੱਤਰ (ਸੀਐਸ) ਅਨੁਰਾਗ ਵਰਮਾ ਨੇ ਹਰਿਆਣਾ ਦੇ ਸੀਐਸ ਸੰਜੀਵ ਕੌਸ਼ਲ ਨੂੰ ਪੱਤਰ ਲਿਖ ਕੇ ਕਿਸਾਨ ਨੂੰ ਪੰਜਾਬ ਹਵਾਲੇ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ : ਸ਼ੰਭੂ-ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, ਸਵਰਨ ਸਿੰਘ ਪੰਧੇਰ ਨੇ ਦੱਸਿਆ ਕੀ ਹੈ ਅਗਲਾ ਪ੍ਰੋਗਰਾਮ
ਪੰਜਾਬ ਸਰਕਾਰ ਨੇ ਹਰਿਆਣਾ ਦੇ ਮੁੱਖ ਸਕੱਤਰ ਅੱਗੇ 2 ਮੰਗਾਂ ਰੱਖੀਆਂ ਸਨ। ਪਤਾ ਲੱਗਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਏ ਪੰਜਾਬ ਦੇ ਪ੍ਰਿਤਪਾਲ ਸਿੰਘ ਦਾ ਪੀਜੀਆਈ ਰੋਹਤਕ ਵਿਖੇ ਇਲਾਜ ਚੱਲ ਰਿਹਾ ਹੈ। ਪ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ, ਤਾਂ ਜੋ ਪੰਜਾਬ ਸਰਕਾਰ ਵੱਲੋਂ ਉਸ ਦਾ ਪੰਜਾਬ ਵਿੱਚ ਮੁਫ਼ਤ ਇਲਾਜ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜੇ ਪੰਜਾਬ ਦਾ ਕੋਈ ਹੋਰ ਅੰਦੋਲਨਕਾਰੀ ਕਿਸਾਨ ਹਰਿਆਣਾ ਵਿੱਚ ਇਲਾਜ ਅਧੀਨ ਹੈ ਤਾਂ ਉਸ ਨੂੰ ਵੀ ਸਾਡੇ ਹਵਾਲੇ ਕੀਤਾ ਜਾਵੇ।